ਸ੍ਰੀ ਅਨੰਦਪੁਰ ਸਾਹਿਬ, 14 ਅਪ੍ਰੈਲ (ਕਰਨੈਲ ਸਿੰਘ)-ਪਿਛਲੇ ਤਿੰਨ ਤਿੰਨ ਦਹਾਕਿਆਂ ਤੋਂ ਦੇਸ਼ ਦੇ ਵੱਖ-ਵੱਖ ਰਾਜਾਂ ਦੀਆਂ ਜੇਲ੍ਹਾਂ 'ਚ ਡੱਕੇ ਬੰਦੀ ਸਿੰਘ ਦੀ ਰਿਹਾਈ ਦੇ ਮਾਮਲੇ 'ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਅੱਜ ਖ਼ਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜੇਕਰ ਦੇਸ਼ ਦੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਛੱਡਿਆ ਜਾ ਸਕਦਾ ਹੈ ਤਾਂ ਦੇਸ਼ ਦੀਆਂ ਵੱਖ-ਵੱਖ ਰਾਜਾਂ ਦੀਆਂ ਜੇਲ੍ਹਾਂ 'ਚ ਬੰਦ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਚ ਸਰਕਾਰਾਂ ਦੋਗਲੀ ਨੀਤੀ ਕਿਉਂ ਅਪਣਾ ਰਹੀਆਂ ਹਨ | ਉਨ੍ਹਾਂ ਅੱਗੇ ਕਿਹਾ ਕਿ ਇਸੇ ਤੋਂ ਸਾਬਤ ਹੁੰਦਾ ਹੈ ਕਿ ਆਪਣੇ ਹੀ ਦੇਸ਼ ਅੰਦਰ ਸਿੱਖਾਂ ਲਈ ਅਲੱਗ ਕਾਨੂੰਨ ਕੰਮ ਕਰ ਰਹੇ ਹਨ | ਜਦੋਂ ਕਿ ਇਸ ਦੇਸ਼ ਦੀ ਅਜ਼ਾਦੀ ਦੀ ਲੜਾਈ ਲਈ 80 ਫ਼ੀਸਦੀ ਕੁਰਬਾਨੀਆਂ ਸਿੱਖਾਂ ਨੇ ਹੀ ਦਿੱਤੀਆਂ ਹਨ | ਸਿੰਘ ਸਾਹਿਬ ਗੜਗੱਜ ਨੇ ਕਿਹਾ ਕਿ ਜੇਲ੍ਹ 'ਚ ਪਿਛਲੇ ਲੰਬੇ ਸਮੇਂ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਸਰਕਾਰ ਨੂੰ ਕਦੇ ਇਹ ਨਹੀਂ ਕਿਹਾ ਕਿ ਉਸ ਨੂੰ ਮੁਆਫ ਕਰਕੇ ਜੇਲ੍ਹ 'ਚੋਂ ਰਿਹਾਅ ਕਰ ਦਿੱਤਾ ਜਾਵੇ, ਸਗੋਂ ਉਨ੍ਹਾਂ ਵਲੋਂ ਇਹ ਕਿਹਾ ਜਾ ਰਿਹਾ ਹੈ ਕਿ ਸ਼੍ਰੋਮਣੀ ਕਮੇਟੀ ਰਾਹੀਂ ਪਾਈ ਗਈ ਉਨ੍ਹਾਂ ਦੀ ਰਿਹਾਈ ਸਬੰਧੀ ਪਟੀਸ਼ਨ ਉਪਰ ਕੋਈ ਠੋਸ ਫੈਸਲਾ ਲਵੋ ਕਿ ਫਾਂਸੀ ਦੇਣੀ ਹੈ ਜਾਂ ਰਿਹਾਅ ਕਰਨਾ ਹੈ | ਸਿੰਘ ਸਾਹਿਬ ਨੇ ਕਿਹਾ ਕਿ ਭਾਈ ਰਾਜੋਆਣਾ ਪਿਛਲੇ ਕਰੀਬ 30 ਸਾਲ ਤੋਂ ਕਾਲ ਕੋਠੜੀ 'ਚ ਕੈਦ ਹਨ | ਇਸੇ ਤਰ੍ਹਾਂ ਜੇਲ ਵਿਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਸਰਕਾਰਾਂ ਵਲੋਂ ਉਨ੍ਹਾਂ ਦੀ ਬਿਮਾਰ ਮਾਤਾ ਨਾਲ ਵੀ ਮਿਲਣ ਨਹੀਂ ਦਿੱਤਾ ਜਾ ਰਿਹਾ | ਸਿੰਘ ਸਾਹਿਬ ਨੇ ਕਿਹਾ ਕਿ ਪਿਛਲੇ ਕੁਝ ਮਹੀਨੇ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਨਾਏ ਗਏ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਪੰਜਾਬ ਸਰਕਾਰ ਵੱਲੋਂ ਇੱਥੇ ਲਗਾਈ ਗਈ ਵਿਧਾਨ ਸਭਾ ਮੌਕੇ ਉਨ੍ਹਾਂ ਵੱਲੋਂ ਇਹ ਕਿਹਾ ਗਿਆ ਸੀ ਕਿ ਬੰਦੀ ਸਿੰਘਾਂ ਦਾ ਮਤਾ ਇਸ ਵਿਧਾਨ ਸਭਾ 'ਚ ਲਿਆਂਦਾ ਜਾਵੇ ਪਰ ਸਰਕਾਰਾਂ ਕਿਸੇ ਠੋਸ ਫੈਸਲੇ ਨੂੰ ਲਾਗੂ ਕਰਨ ਦੀ ਬਜਾਏ ਸਿੱਖਾਂ ਨਾਲ ਦੋਗਲੀ ਨੀਤੀ ਅਪਣਾ ਰਹੀ ਹੈ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੈਨੇਜਰ ਸ. ਮਲਕੀਤ ਸਿੰਘ ਆਦਿ ਵੀ ਹਾਜ਼ਰ ਸਨ |