ਰੂਪਨਗਰ, 19 ਅਪ੍ਰੈਲ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਖੇਤਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਬੜੀ ਰੈਲੋਂ ਵਿਚ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਪਿੰਡ ਦੀਆਂ ਮੁੱਖ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਲਗਭਗ 23 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਗੰਦੇ ਪਾਣੀ ਦੀ ਨਿਕਾਸੀ ਲਈ ਨਿਕਾਸੀ ਛੱਪੜ ਅਤੇ ਪੀਣ ਵਾਲੇ ਪਾਣੀ ਦੀ ਟੈਂਕੀ ਦੀ ਚਾਰਦੀਵਾਰੀ ਲੋਕਾਂ ਨੂੰ ਸਮਰਪਿਤ ਕੀਤੀ | ਉਦਘਾਟਨ ਸਮਾਰੋਹ ਦੌਰਾਨ ਵਿਧਾਇਕ ਚੱਢਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਪਿੰਡਾਂ ਦੀ ਵਧ ਰਹੀ ਆਬਾਦੀ ਅਤੇ ਬਦਲਦੇ ਢਾਂਚੇ ਅਨੁਸਾਰ ਯੋਜਨਾਬੱਧ ਵਿਕਾਸ ਵੱਲ ਧਿਆਨ ਨਹੀਂ ਦਿੱਤਾ | ਇਸ ਕਰਕੇ ਲੋਕਾਂ ਨੂੰ ਆਪਣੀਆਂ ਛੋਟੀਆਂ-ਮੋਟੀਆਂ ਮੰਗਾਂ ਲਈ ਵੀ ਸੰਘਰਸ਼ ਕਰਨਾ ਪੈਂਦਾ ਸੀ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਵਲੋਂ ਪਿੰਡ ਪੱਧਰ 'ਤੇ ਨਿਰੰਤਰ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਹੋਰ ਦੱਸਿਆ ਕਿ ਨਿਕਾਸੀ ਛੱਪੜ ਬਣਨ ਨਾਲ ਪਿੰਡ ਵਿਚ ਲੰਬੇ ਸਮੇਂ ਤੋਂ ਚੱਲ ਰਹੀ ਗੰਦੇ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਹੋਵੇਗਾ, ਜਿਸ ਨਾਲ ਸਫ਼ਾਈ ਅਤੇ ਸਿਹਤ ਸੰਬੰਧੀ ਹਾਲਾਤ ਵੀ ਸੁਧਰਨਗੇ | ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਮਲਕੀਤ ਸਿੰਘ ਭੰਗੂ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਸੰਮਤੀ ਮੈਂਬਰ ਅੰਮਿ੍ਤਪਾਲ ਸਿੰਘ ਪੱਪੀ, ਸਰਪੰਚ ਊਸ਼ਾ ਰਾਣੀ, ਬੀ.ਡੀ.ਪੀ.ਓ. ਅਮਿੱਤ ਕੁਮਾਰ, ਪੰਚਾਇਤ ਮੈਂਬਰ ਸੰਦੀਪ ਕੌਰ, ਸ਼ਾਂਤੀ ਦੇਵੀ, ਗੁਰਦੀਪ ਸਿੰਘ, ਹਰਵਿੰਦਰ ਸਿੰਘ, ਮੰਗਤ ਰਾਮ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ |