ਨੰਗਲ, 20 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਉਪਰਾਲਿਆਂ ਦੇ ਨਤੀਜੇ ਹੁਣ ਸਾਫ਼ ਤੌਰ 'ਤੇ ਵੇਖਣ ਨੂੰ ਮਿਲ ਰਹੇ ਹਨ | ਸਰਕਾਰੀ ਸਕੂਲਾਂ ਦੀ ਬਦਲੀ ਹੋਈ ਨੁਹਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੇ ਸਿੱਖਿਆ ਪ੍ਰਣਾਲੀ ਨੂੰ ਨਵੀਂ ਦਿਸ਼ਾ ਦਿੱਤੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਿਭੌਰ ਸਾਹਿਬ ਵਿਖੇ ਕੀਤਾ | ਪੰਜਾਬ ਸਰਕਾਰ ਦਾ ਮਕਸਦ ਸਿਰਫ਼ ਸਕੂਲਾਂ ਦੀ ਮੁਰੰਮਤ ਕਰਨਾ ਨਹੀਂ, ਸਗੋਂ ਆਧੁਨਿਕ ਰੂਪ ਦੇਣਾ ਹੈ ਜੋ ਮਾਡਲ ਅਤੇ ਕਾਨਵੈਂਟ ਸਕੂਲਾਂ ਨੂੰ ਟੱਕਰ ਦੇ ਸਕਣ | ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ ਸਮਾਰਟ ਕਲਾਸਰੂਮ, ਨਵੇਂ ਲੈਬ, ਖੇਡ ਮੈਦਾਨ ਅਤੇ ਸੁਵਿਧਾਜਨਕ ਢਾਂਚੇ ਤਿਆਰ ਕਰਕੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਰਿਹਾ ਹੈ | ਇਸ ਨਾਲ ਨਾ ਸਿਰਫ਼ ਪੜ੍ਹਾਈ ਦਾ ਮਿਆਰ ਉੱਚਾ ਹੋਇਆ ਹੈ, ਸਗੋਂ ਵਿਦਿਆਰਥੀਆਂ ਵਿਚ ਆਤਮਵਿਸ਼ਵਾਸ ਵੀ ਵਧਿਆ ਹੈ | ਇਸ ਮੌਕੇ ਸਿੱਖਿਆ ਮੰਤਰੀ ਵਲੋਂ ਲਗਭਗ 8 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਐਨ.ਐਸ.ਕਿਊ.ਐਫ. ਲੈਬ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਸ ਸਕੂਲ ਵਿਚ ਕਰੀਬ 43 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ | ਇਸ ਮੌਕੇ ਡਾ. ਸੰਜੀਵ ਗੌਤਮ ਜਿਲ੍ਹਾ ਪ੍ਰਧਾਨ, ਪੱਮੂ ਢਿੱਲੋ, ਨਿਤਿਨ ਰਣਜੀਤ ਸਿੰਘ, ਮਨਜੀਤ ਸਿੰਘ ਗੁਰਮੀਤ ਸਿੰਘ, ਰਜਤ, ਦੀਪੂ ਬਾਸ, ਸਤਪਾਲ ਸਿੰਘ, ਪਿ੍ੰ. ਬਲਜੀਤ ਕੌਰ, ਅੰਜੂ ਸ਼ਰਮਾ, ਰੀਨਾ ਅਰੋੜਾ, ਚਰਨਜੀਤ ਕੌਰ, ਨਿਸ਼ਾ, ਰੰਜਨਾ, ਕਿ੍ਸ਼ਨ ਦੇਵ, ਸਪਨਾ, ਰਾਜ ਰਾਣੀ ਹਾਜ਼ਰ ਸਨ |