ਰੂਪਨਗਰ, 21 ਅਪ੍ਰੈਲ (ਸਤਨਾਮ ਸਿੰਘ ਸੱਤੀ)-ਲੋਕ ਸਭਾ ਵਿਚ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਮਹਿਲਾ ਰਾਖਵਾਂਕਰਨ ਬਿੱਲ 'ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਦੇ ਸਾਬਕਾ ਸਪੀਕਰ ਅਤੇ ਸੀਨੀਅਰ ਕਾਂਗਰਸ ਆਗੂ ਰਾਣਾ ਕੰਵਰ ਪਾਲ ਸਿੰਘ ਨੇ ਰੂਪਨਗਰ ਪੈੱ੍ਰਸ ਕਲੱਬ ਵਿਚ ਸੱਦੀ ਪ੍ਰੈਸ ਕਾਨਫ਼ਰੰਸ ਦੌਰਾਨ ਕੇਂਦਰ ਸਰਕਾਰ 'ਤੇ ਤਿੱਖੇ ਹਮਲੇ ਕੀਤੇ | ਉਨ੍ਹਾਂ ਕਿਹਾ ਕਿ ਸਾਲ 2023 ਵਿਚ ਹੀ 33 ਫੀਸਦੀ ਮਹਿਲਾ ਰਾਖਵਾਂਕਰਨ ਸਬੰਧੀ ਕਾਨੂੰਨ ਪਾਸ ਹੋ ਚੁੱਕਾ ਸੀ, ਪਰ ਸਰਕਾਰ ਨੇ ਇਸ ਨੂੰ ਲਾਗੂ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ ਅਤੇ ਹੁਣ ਦੁਬਾਰਾ ਇਹ ਮਸਲਾ ਚੁੱਕ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜੇ ਸਰਕਾਰ ਦੀ ਨੀਅਤ ਸਾਫ਼ ਹੁੰਦੀ ਤਾਂ ਪਹਿਲਾਂ ਪਾਸ ਹੋਏ ਕਾਨੂੰਨ ਨੂੰ ਲਾਗੂ ਕੀਤਾ ਜਾਂਦਾ | ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਮਹਿਲਾ ਰਾਖਵਾਂਕਰਨ ਲਾਗੂ ਕਰਨ ਤੋਂ ਪਹਿਲਾਂ ਦੇਸ਼ ਵਿਚ ਜਨਗਣਨਾ ਹੋਣੀ ਜ਼ਰੂਰੀ ਹੈ | ਸਾਲ 2011 ਤੋਂ ਬਾਅਦ ਦੇਸ਼ ਵਿਚ ਨਵੀਂ ਜਨਗਣਨਾ ਨਹੀਂ ਹੋਈ, ਇਸ ਲਈ ਪਹਿਲਾਂ ਜਨਗਣਨਾ ਕਰਵਾ ਕੇ ਨਵੀਆਂ ਹਾਲਾਤਾਂ ਅਨੁਸਾਰ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪੰਜ ਸੂਬਿਆਂ ਵਿਚ ਹੋ ਰਹੀਆਂ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਇਹ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਭਾਜਪਾ ਆਪਣੀ ਪਾਰਟੀ ਵਿਚ ਮਹਿਲਾਵਾਂ ਨੂੰ ਯੋਗ ਨੁਮਾਇੰਦਗੀ ਨਹੀਂ ਦਿੰਦੀ, ਇਸ ਲਈ ਉਹ ਮਹਿਲਾਵਾਂ ਦੇ ਹੱਕਾਂ ਦੀ ਅਸਲੀ ਹਮਾਇਤੀ ਨਹੀਂ ਹੋ ਸਕਦੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਹਮੇਸ਼ਾ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨ ਦਾ ਰਿਹਾ ਹੈ ਅਤੇ ਕਾਂਗਰਸ ਮਹਿਲਾਵਾਂ ਨੂੰ ਨੁਮਾਇੰਦਗੀ ਦੇਣ ਦੇ ਪੱਖ ਵਿਚ ਹੈ, ਪਰ ਮਹਿਲਾਵਾਂ ਦੇ ਨਾਂ 'ਤੇ ਰਾਜਨੀਤੀ ਕਰਨਾ ਕਬੂਲ ਨਹੀਂ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਸੁਖਵਿੰਦਰ ਸਿੰਘ ਵਿਸਕੀ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਰੂਪਨਗਰ, ਅਮਰਜੀਤ ਸਿੰਘ ਭੁੱਲਰ ਸਕੱਤਰ ਪੰਜਾਬ ਕਾਂਗਰਸ ਕਮੇਟੀ, ਰਮੇਸ਼ ਚੰਦ ਦਸ ਗਰਾਈ ਸਾਬਕਾ ਚੇਅਰਮੈਨ, ਰਾਜੇਸ਼ ਕੁਮਾਰ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਰੂਪਨਗਰ, ਜਗਮੋਹਨ ਸਿੰਘ, ਜਿੰਦਾ ਗਿੱਲ, ਜਰਨੈਲ ਸਿੰਘ ਕਾਬੜਵਾਲ, ਰਾਜੇਸ਼ਵਰ ਲਾਲੀ, ਮਿੰਟੂ ਸਰਾਫ਼ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ |