ਸ੍ਰੀ ਚਮਕੌਰ ਸਾਹਿਬ, 21 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ ਇਫਟੂ ਦੀ ਸੂਬਾ ਕਮੇਟੀ ਦੇ ਸੱਦੇ ਮੁਤਾਬਿਕ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਭੈਰੋਮਾਜਰਾ ਦੀ ਪ੍ਰਧਾਨਗੀ ਹੇਠ ਸਥਾਨਕ ਲੇਬਰ ਚੌਂਕ ਵਿਖੇ ਪ੍ਰਧਾਨ ਮੰਤਰੀ ਸਮੇਤ ਯੂ.ਪੀ. ਦੇ ਮੁੱਖ ਮੰਤਰੀ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਮਿਸਤਰੀ ਮਨਮੋਹਣ ਸਿੰਘ ਕਾਲਾ ਨੇ ਦੱਸਿਆ ਕਿ ਇਸ ਮੌਕੇ ਇਫਟੂ ਦੇ ਜ਼ਿਲ੍ਹਾ ਸਕੱਤਰ ਮਲਾਗਰ ਸਿੰਘ ਖਮਾਣੋ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ 37 ਲੇਬਰ ਕਾਨੂੰਨਾਂ ਨੂੰ ਰੱਦ ਕਰਕੇ ਬਣਾਏ ਚਾਰ ਕਾਰਪੋਰੇਟ ਪੱਖੀ ਕੋਡਾਂ ਨੂੰ ਲਾਗੂ ਕਰਕੇ ਅੱਠ ਘੰਟੇ ਦੀ ਦਿਹਾੜੀ ਨੂੰ 12 ਘੰਟੇ ਦੀ ਦਿਹਾੜੀ ਵਿਚ ਤਬਦੀਲ ਕੀਤਾ ਗਿਆ ਹੈ, ਕਾਮਿਆਂ ਦੀਆਂ ਉਜ਼ਰਤਾਂ ਨੂੰ ਕਰਕੇ ਫ਼ੈਕਟਰੀ ਮਾਲਕਾਂ ਨੂੰ ਛਾਂਟੀਆਂ ਕਰਨ ਦੇ ਖੁੱਲੇ੍ਹ ਅਧਿਕਾਰ ਦਿੱਤੇ ਗਏ ਹਨ | ਜਿਸ ਦੇ ਵਿਰੋਧ 'ਚ ਦਿੱਲੀ ਅਤੇ ਯੂ.ਪੀ. ਦੇ ਹਜ਼ਾਰਾਂ ਮਜ਼ਦੂਰ ਆਪਣੀਆਂ ਤਨਖ਼ਾਹਾਂ 'ਚ ਵਾਧਾ ਕਰਨ ਅਤੇ ਅੱਠ ਘੰਟੇ ਦੀ ਦਿਹਾੜੀ ਨੂੰ ਲਾਗੂ ਕਰਨ ਲਈ ਰੋਸ ਪ੍ਰਦਰਸ਼ਨ ਕਰ ਰਹੇ ਸਨ | ਜਿਸ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਵਹਿਸ਼ੀ ਢੰਗ ਨਾਲ ਲਾਠੀਚਾਰਜ ਕਰਕੇ ਮਜ਼ਦੂਰ ਆਗੂਆਂ ਨੂੰ ਜੇਲ੍ਹਾਂ ਵਿਚ ਸੁੱਟਿਆ ਗਿਆ ਹੈ | ਜਿਸ ਦੇ ਵਿਰੋਧ 'ਚ ਅਤੇ ਮਜ਼ਦੂਰਾਂ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਗਏ | ਇਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਗਿ੍ਫ਼ਤਾਰ ਕੀਤੇ ਮਜ਼ਦੂਰ ਆਗੂਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਅਜਾਇਬ ਸਿੰਘ ਸਮਾਣਾ, ਗੁਲਾਬ ਚੰਦ ਚੌਹਾਨ, ਜੀਵਨ ਸਿੰਘ, ਪ੍ਰੀਤਮ ਸਿੰਘ, ਜਸਵੀਰ ਸਿੰਘ, ਸਤਵਿੰਦਰ ਸਿੰਘ ਨੀਟਾ, ਕਾਕਾ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ |