ਐੱਸ. ਏ. ਐੱਸ. ਨਗਰ, 21 ਅਪ੍ਰੈਲ (ਪ੍ਰੋ. ਅਵਤਾਰ ਸਿੰਘ)- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਸੂਬੇ ਦੀਆਂ ਮੰਡੀਆਂ 'ਚ ਚੱਲ ਰਹੇ ਕਣਕ ਦੇ ਖ਼ਰੀਦ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਚੇਅਰਮੈਨ ਬਰਸਟ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆ 'ਚ ਕਣਕ ਦੀ ਆਮਦ ਅਤੇ ਖ਼ਰੀਦ ਦੇ ਕਾਰਜ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ ਅਤੇ ਮੰਡੀਆਂ 'ਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਕਿਸੇ ਨੂੰ ਵੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ | ਉਨ੍ਹਾਂ ਦੱਸਿਆ ਕਿ ਹਾੜੀ ਦੇ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ | ਸ਼ੁਰੂਆਤ 'ਚ ਮੰਡੀਆਂ 'ਚ ਕਣਕ ਦੀ ਆਮਦ ਘੱਟ ਸੀ, ਪਰ ਹੁਣ ਆਮਦ ਤੇਜੀ ਨਾਲ ਹੋ ਰਹੀ ਹੈ ਅਤੇ ਖ਼ਰੀਦ ਕਾਰਜ਼ ਵੀ ਜ਼ੋਰਾਂ 'ਤੇ ਚੱਲ ਰਹੇ ਹਨ | ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ 'ਚ ਹੁਣ ਤੱਕ 41.13 ਲੱਖ ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ 'ਚੋਂ 35.25 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ ਅਤੇ 35.17 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਸਰਕਾਰੀ ਏਜੰਸੀਆਂ ਵਲੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ 19 ਅਪ੍ਰੈਲ ਨੂੰ ਸੂਬੇ ਦੀਆਂ ਮੰਡੀਆਂ 'ਚ 11.15 ਲੱਖ ਮੀਟਿ੍ਕ ਟਨ ਕਣਕ ਦੀ ਆਮਦ ਹੋਈ ਸੀ, ਜਿਸ 'ਚੋਂ 11.27 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਕਣਕ ਦੀ ਖ਼ਰੀਦ ਵਾਸਤੇ ਸੂਬੇ ਨੂੰ 30,973 ਕਰੋੜ ਰੁ. ਦੀ ਸੀ. ਸੀ. ਐਲ. ਪ੍ਰਾਪਤ ਹੋਈ ਹੈ | ਕਿਸਾਨਾਂ ਨੂੰ ਲਗਭਗ 1818 ਕਰੋੜ ਰੁ. ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ 'ਚ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵਲੋਂ ਕਣਕ ਦੀ ਖ਼ਰੀਦ ਕਰਵਾਉਣ ਲਈ ਕੁੱਲ 1896 ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚ 153 ਮੁੱਖ ਯਾਰਡ, 288 ਸਬ ਯਾਰਡ ਅਤੇ 1455 ਖ਼ਰੀਦ ਕੇਂਦਰ ਆਉਂਦੇ ਹਨ |