ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ) ਸ਼੍ਰੋਮਣੀ ਅਕਾਲੀ ਦਲ (ਬ) ਨੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਵੋਟਰ ਸੂਚੀਆਂ ਵਿਚ ਕਥਿਤ ਹੇਰ-ਫੇਰ ਦੇ ਮਾਮਲੇ 'ਤੇ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਦਾ ਐਲਾਨ ਕੀਤਾ ਹੈ | ਪਾਰਟੀ ਦੇ ਸੀਨੀਅਰ ਆਗੂ ਐਨ.ਕੇ. ਸ਼ਰਮਾ ਨੇ ਸਰਕਾਰ 'ਤੇ 900 ਕਰੋੜ ਰੁਪਏ ਤੋਂ ਵੱਧ ਦੇ ਭਿ੍ਸ਼ਟਾਚਾਰ ਨੂੰ ਛੁਪਾਉਣ ਲਈ ਇਹ ਕਦਮ ਚੁੱਕਣ ਦੇ ਦੋਸ਼ ਲਗਾਏ ਹਨ | ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਮੁਲਾਕਾਤ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਕਿ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਰਾਹੀਂ ਕਥਿਤ ਤੌਰ 'ਤੇ ਭਿ੍ਸ਼ਟਾਚਾਰ ਕਰਨ ਤੋਂ ਬਾਅਦ ਹੁਣ ਵੋਟਰ ਲਿਸਟਾਂ ਵਿਚ ਹੇਰ-ਫੇਰ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਸ਼ਰਮਾ ਨੇ ਦੱਸਿਆ ਕਿ ਨਗਰ ਨਿਗਮ ਮੁਹਾਲੀ ਅਤੇ ਨਗਰ ਕੌਂਸਲ ਖਰੜ ਦੇ ਕਈ ਵੋਟਰਾਂ ਦੇ ਨਾਮ ਜ਼ੀਰਕਪੁਰ ਨਗਰ ਕੌਂਸਲ ਦੀਆਂ ਵੋਟਰ ਸੂਚੀਆਂ ਵਿਚ ਸ਼ਾਮਿਲ ਕਰ ਦਿੱਤੇ ਗਏ ਹਨ | ਇਸੇ ਤਰ੍ਹਾਂ ਡੇਰਾ ਬੱਸੀ ਦੇ ਵੋਟਰਾਂ ਦੇ ਨਾਮ ਵੀ ਜ਼ੀਰਕਪੁਰ ਦੀ ਸੂਚੀ 'ਚ ਦਰਜ ਕੀਤੇ ਗਏ ਹਨ, ਜਦਕਿ ਜ਼ੀਰਕਪੁਰ ਦੇ ਕਈ ਵੋਟਰਾਂ ਦੇ ਨਾਮ ਹੋਰ ਥਾਵਾਂ 'ਤੇ ਭੇਜੇ ਗਏ ਹਨ | ਉਨ੍ਹਾਂ ਕਿਹਾ ਕਿ ਕਈ ਵਾਰਡਾਂ ਵਿਚ 500 ਤੋਂ ਲੈ ਕੇ 4500 ਤੱਕ ਵੋਟਰਾਂ ਦੇ ਨਾਮ ਇੱਧਰ-ਉੱਧਰ ਕਰ ਦਿੱਤੇ ਗਏ ਹਨ, ਜੋ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ | ਇਸ ਸਬੰਧੀ ਮੁੱਖ ਚੋਣ ਅਧਿਕਾਰੀ ਨੂੰ ਲਿਖਤੀ ਸ਼ਿਕਾਇਤ ਦੇ ਦਿੱਤੀ ਗਈ ਹੈ, ਪਰ ਜੇਕਰ ਨਿਆਂ ਨਾ ਮਿਲਿਆ ਤਾਂ ਪਾਰਟੀ ਹਾਈ ਕੋਰਟ ਦਾ ਰੁਖ਼ ਕਰੇਗੀ |