ਖਰੜ, 21 ਅਪ੍ਰੈਲ (ਜੰਡਪੁਰੀ)-ਖਰੜ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਐਸ. ਡੀ. ਐਮ.-ਕਮ-ਨਗਰ ਕੌਂਸਲ ਦੇ ਪ੍ਰਬੰਧਕ ਗੁਰਮੀਤ ਸਿੰਘ ਵਲੋਂ ਠੇਕੇਦਾਰਾਂ ਅਤੇ ਕੌਂਸਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਠੇਕੇਦਾਰਾਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਖਰੜ ਸ਼ਹਿਰ ਦੇ ਵਿਕਾਸ ਕਾਰਜਾਂ 'ਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਸਰਕਾਰ ਵਲੋਂ ਸ਼ਹਿਰ ਦੇ ਵਿਕਾਸ ਲਈ ਫ਼ੰਡ ਮੁਹੱਈਆ ਕਰਵਾਏ ਗਏ ਹਨ | ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ. ਡੀ. ਐਮ. ਨੇ ਕਿਹਾ ਕਿ ਖਰੜ ਸ਼ਹਿਰ ਦੇ 103 ਵਿਕਾਸ ਕਾਰਜ 25 ਕਰੋੜ ਰੁ. ਦੀ ਲਾਗਤ ਨਾਲ ਮੁਕੰਮਲ ਹੋ ਚੁੱਕੇ ਹਨ, ਜਦਕਿ 7.85 ਕਰੋੜ ਰੁ. ਦੀ ਲਾਗਤ ਵਾਲੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ 162 ਵਿਕਾਸ ਕਾਰਜ ਜਿਨ੍ਹਾਂ 'ਤੇ ਤਕਰੀਬਨ 37 ਕਰੋੜ ਰੁ. ਦੀ ਲਾਗਤ ਆਵੇਗੀ, ਸੰਬੰਧੀ ਇਕ-ਦੋ ਦਿਨਾਂ 'ਚ ਟੈਂਡਰ ਖੁੱਲ੍ਹ ਜਾਣਗੇ ਅਤੇ ਜਲਦ ਹੀ ਕੰਮ ਸ਼ੁਰੂ ਕਰਵਾ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਠੇਕੇਦਾਰਾਂ ਨੂੰ ਆਖਿਆ ਗਿਆ ਹੈ ਕਿ ਜਿਹੜੇ ਵਿਕਾਸ ਕਾਰਜ ਜਾਰੀ ਹੈ, ਉਨ੍ਹਾਂ ਨੂੰ 15-20 ਦਿਨਾਂ 'ਚ ਮੁਕੰਮਲ ਕੀਤੇ ਜਾਵੇ ਅਤੇ ਇਸ ਦੌਰਾਨ ਜੇਕਰ ਕੋਈ ਵੀ ਵਿਅਕਤੀ ਦਿੱਕਤ ਪੈਦਾ ਕਰਦਾ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ 'ਚ ਲਿਆਂਦਾ ਜਾਵੇ | ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਸੁਖਦੇਵ ਸਿੰਘ, ਬਿੱਟੂ ਜੇ. ਈ., ਜੰਗ ਬਹਾਦਰ ਸਿੰਘ ਤੇ ਭਗਵੰਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ |