ਸ੍ਰੀ ਅਨੰਦਪੁਰ ਸਾਹਿਬ, 22 ਅਪ੍ਰੈਲ (ਜੇ ਐਸ ਨਿੱਕੂਵਾਲ)-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰ ਜਯੋਤੀ ਸਿੰਘ ਵਲੋਂ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖ਼ਰੀਦ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕੀ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਲਈ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਜਾ ਚੁੱਕੇ ਹਨ | ਸ੍ਰੀ ਅਨੰਦਪੁਰ ਸਾਹਿਬ ਅਤੇ ਜ਼ਿਲ੍ਹਾ ਰੂਪਨਗਰ ਦੀਆਂ ਸਾਰੀਆਂ ਅਨਾਜ ਮੰਡੀਆਂ ਵਿਚ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ | ਉਨ੍ਹਾਂ ਨੇ ਕਿਹਾ ਕਿ ਅਨਾਜ ਮੰਡੀਆ 'ਚ ਕਿਸਾਨਾਂ ਦੀ ਸਹੂਲਤ ਲਈ ਤਰਪਾਲਾਂ, ਬਾਰਦਾਨਾ, ਸਫ਼ਾਈ, ਪੀਣ ਵਾਲਾ ਪਾਣੀ, ਪਖਾਨੇ ਅਤੇ ਰੌਸ਼ਨੀ ਦੀ ਢੁਕਵੀਂ ਵਿਵਸਥਾ ਕੀਤੀ ਹੋਈ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਫ਼ਸਲ ਮੰਡੀਆਂ ਵਿਚ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ ਤਾਂ ਜੋ ਉਨ੍ਹਾਂ ਨੂੰ ਅਨਾਜ ਮੰਡੀਆਂ ਵਿਚ ਬਿਨਾ ਦੇਰੀ ਖ਼ਰੀਦ ਕਰਕੇ ਅਦਾਇਗੀ ਕੀਤੀ ਜਾ ਸਕੇ | ਉਨ੍ਹਾਂ ਨੇ ਦੱਸਿਆ ਕਿ ਅਗੰਮਪੁਰ ਅਨਾਜ ਮੰਡੀ ਵਿਚ ਹੁਣ ਤੱਕ ਕੁੱਲ 1950 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ | ਜਿਸ ਵਿਚੋਂ 1836 ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋਈ ਕੀਤੀ ਜਾ ਚੁੱਕੀ ਹੈ ਅਤੇ 1465 ਮੀਟਿ੍ਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ, ਜਿਸ ਵਿਚ ਪਨਗਰੇਨ ਵਲੋ 1816 ਮੀਟਿ੍ਕ ਟਨ ਅਤੇ ਮਾਰਕਫੈੱਡ ਵਲੋਂ 20 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਹੈ | ਇਸ ਮੌਕੇ ਡੀ.ਐਫ.ਐਸ.ਸੀ. ਡਾ. ਕਿਮੀ ਵਨੀਤ ਸੇਠੀ, ਇੰਸਪੈਕਟਰ ਰੋਹਿਤ ਸ਼ਰਮਾ, ਮੁਕੇਸ ਨੱਢਾ, ਪਿ੍ੰਸੀਪਲ ਰਾਮ ਗੋਪਾਲ ਚੌਧਰੀ, ਭੁਪਿੰਦਰ ਸ਼ਰਮਾ, ਸੰਜੀਵ ਕੁਮਾਰ, ਅਨਮੋਲ ਸ਼ਾਹ, ਚੇਤ ਰਾਮ ਆਦਿ ਹਾਜ਼ਰ ਸਨ |