ਨੂਰਪੁਰ ਬੇਦੀ, 24 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਪੰਜਾਬ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਚੱਲ ਰਹੀ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਦੇ ਤਹਿਤ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਯਤਨ ਲਗਾਤਾਰ ਜਾਰੀ ਹਨ | ਇਸੇ ਕੜੀ ਦੇ ਤਹਿਤ ਉਨ੍ਹਾਂ ਵਲੋਂ ਸਰਕਾਰੀ ਹਾਈ ਸਕੂਲ ਕਰੂਰਾ 'ਚ ਨਵੇਂ ਤੌਰ 'ਤੇ ਤਿਆਰ ਕੀਤੇ ਗਏ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਕੀਤਾ | ਇਸ ਮੌਕੇ ਵਿਧਾਇਕ ਚੱਢਾ ਨੇ ਸਕੂਲ ਦੇ ਬੁਨਿਆਦੀ ਢਾਂਚੇ ਤੇ ਨਵੀਆਂ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਇਤਿਹਾਸਕ ਬਦਲਾਅ ਕੀਤੇ ਜਾ ਰਹੇ ਹਨ, ਜਿਸ ਨਾਲ ਸਰਕਾਰੀ ਸਕੂਲਾਂ 'ਤੇ ਲੋਕਾਂ ਦਾ ਭਰੋਸਾ ਮੁੜ ਬਣਿਆ ਹੈ | ਵਿਧਾਇਕ ਚੱਢਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਸਰਕਾਰੀ ਸਕੂਲ ਅਣਡਿੱਠੇ ਰਹੇ, ਜਿਸ ਕਾਰਨ ਇਹ ਬੰਦ ਹੋਣ ਦੀ ਕਰਾਰ 'ਤੇ ਪਹੁੰਚ ਗਏ ਸਨ | ਉਨ੍ਹਾਂ ਹੋਰ ਕਿਹਾ ਕਿ ਆਧੁਨਿਕ ਕਲਾਸ ਰੂਮ, ਸਮਾਰਟ ਬੋਰਡ, ਸੁਧਰੇ ਹੋਏ ਫ਼ਰਨੀਚਰ ਤੇ ਤਕਨੀਕੀ ਸਹੂਲਤਾਂ ਰਾਹੀਂ ਬੱਚਿਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ | ਅਸੀਂ ਚਾਹੁੰਦੇ ਹਾਂ ਕਿ ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚੇ ਕਿਸੇ ਵੀ ਤਰ੍ਹਾਂ ਆਪਣੇ ਆਪ ਨੂੰ ਘੱਟ ਨਾ ਸਮਝਣ, ਸਗੋਂ ਉਹ ਵੀ ਵਿਸ਼ਵ ਪੱਧਰ ਦੀ ਸਿੱਖਿਆ ਹਾਸਿਲ ਕਰਨ |' ਉਨ੍ਹਾਂ ਨੇ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਹਲਕੇ ਦੇ ਹੋਰ ਸਕੂਲਾਂ ਵਿਚ ਵੀ ਇਸ ਤਰ੍ਹਾਂ ਦੇ ਵਿਕਾਸ ਕਾਰਜ ਕੀਤੇ ਜਾਣਗੇ | ਇਸ ਮੌਕੇ ਸਕੂਲ ਸਟਾਫ਼ ਅਤੇ ਪਿੰਡ ਵਾਸੀਆਂ ਵਲੋਂ ਪੰਜਾਬ ਸਰਕਾਰ ਤੇ ਵਿਧਾਇਕ ਚੱਢਾ ਦਾ ਧੰਨਵਾਦ ਕੀਤਾ | ਇਸ ਮੌਕੇ ਰਾਜ ਕੁਮਾਰ ਖੋਂਸਲਾਂ ਜ਼ਿਲ੍ਹਾ ਸਿੱਖਿਆ ਇੰਚਾਰਜ, ਪਿ੍ੰਸੀਪਲ ਵਰਿੰਦਰ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ ਰਾਜ ਸੈਣੀ, ਚੇਤਨ ਕਾਲੀਆ ਜ਼ਿਲ੍ਹਾ ਯੂਥ ਕੋਆਰਡੀਨੇਟਰ, ਸਕੂਲ ਇੰਚਾਰਜ ਰੀਨਾ ਰਾਣੀ, ਮਾਸਟਰ ਦਰਸ਼ਨ ਸੈਣੀ, ਮੈਡਮ ਜੋਤੀਮਾ, ਡਾ. ਮਦਨ ਕਰੂਰਾ ਬਲਾਕ ਪ੍ਰਧਾਨ, ਸਾਬਕਾ ਸਰਪੰਚ ਰਜਿੰਦਰ ਕੁਮਾਰ ਤੇ ਹੋਰ ਪੰਚਾਇਤ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ |