ਰੂਪਨਗਰ, 24 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਸਿਹਤ ਵਿਭਾਗ ਰੂਪਨਗਰ ਵਲੋਂ ਵਿਸ਼ਵ ਟੀਕਾਕਰਨ ਹਫ਼ਤਾ 24 ਅਪ੍ਰੈਲ ਤੋਂ 30 ਅਪ੍ਰੈਲ 2026 ਤੱਕ ਮਨਾਉਣ ਦੇ ਸਬੰਧ ਵਿਚ ਅੱਜ ਦਫ਼ਤਰ ਸਿਵਲ ਸਰਜਨ ਰੂਪਨਗਰ ਤੋਂ ਇੱਕ ਵਿਸ਼ੇਸ਼ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ | ਇਸ ਰੈਲੀ ਨੂੰ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ, ਕਰਮਚਾਰੀ, ਨਰਸਿੰਗ ਸਟਾਫ਼ ਅਤੇ ਨਰਸਿੰਗ ਸਕੂਲ ਦੀਆਂ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਨੇ ਕਿਹਾ ਕਿ ਵਿਸ਼ਵ ਟੀਕਾਕਰਨ ਹਫਤੇ ਦਾ ਮੁੱਖ ਉਦੇਸ਼ ਲੋਕਾਂ ਨੂੰ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਹਰ ਬੱਚੇ ਅਤੇ ਗਰਭਵਤੀ ਮਹਿਲਾ ਤੱਕ ਜੀਵਨ ਰੱਖਿਅਕ ਟੀਕੇ ਸਮੇਂ ਸਿਰ ਪਹੁੰਚ ਸਕਣ | ਉਨ੍ਹਾਂ ਕਿਹਾ ਕਿ ਟੀਕਾਕਰਨ ਰਾਹੀਂ ਕਈ ਗੰਭੀਰ ਬਿਮਾਰੀਆਂ ਜਿਵੇਂ ਖਸਰਾ, ਪੋਲਿਓ, ਟੈੱਟਨਸ, ਕਾਲੀ ਖਾਂਸੀ, ਹੈਪਾਟਾਈਟਿਸ-ਬੀ ਅਤੇ ਟੀਬੀ ਆਦਿ ਤੋਂ ਬਚਾਅ ਕੀਤਾ ਜਾ ਸਕਦਾ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਜਨਮ ਤੋਂ ਲੈ ਕੇ ਨਿਰਧਾਰਿਤ ਸਮੇਂ ਅਨੁਸਾਰ ਸਾਰੇ ਟੀਕੇ ਸਰਕਾਰੀ ਸਿਹਤ ਸੰਸਥਾਵਾਂ ਤੋਂ ਜ਼ਰੂਰ ਲਗਵਾਉਣ ਅਤੇ ਟੀਕਾਕਰਨ ਕਾਰਡ ਨੂੰ ਸੰਭਾਲ ਕੇ ਰੱਖਣ | ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਾਰੇ ਟੀਕੇ ਮੁਫ਼ਤ ਉਪਲਬਧ ਹਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਅਤੇ ਪਿੰਡ ਪੱਧਰ ਤੱਕ ਲੋਕਾਂ ਨੂੰ ਇਹ ਸਹੂਲਤਾਂ ਦੇ ਰਹੀਆਂ ਹਨ | ਉਨ੍ਹਾਂ ਕਿਹਾ ਕਿ ਟੀਕਾਕਰਨ ਸਿਰਫ਼ ਇੱਕ ਬੱਚੇ ਦੀ ਨਹੀਂ ਸਗੋਂ ਪੂਰੇ ਸਮਾਜ ਦੀ ਸੁਰੱਖਿਆ ਕਰਦਾ ਹੈ | ਜੇਕਰ ਵੱਧ ਤੋਂ ਵੱਧ ਲੋਕ ਟੀਕਾਕਰਨ ਕਰਵਾਉਣਗੇ ਤਾਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਿਆ ਜਾ ਸਕੇਗਾ | ਇਸ ਲਈ ਹਰ ਪਰਿਵਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਪੂਰਾ ਟੀਕਾਕਰਨ ਕਰਵਾਉਣ | ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹਫਤੇ ਦੌਰਾਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ, ਪ੍ਰਾਇਮਰੀ ਹੈਲਥ ਸੈਂਟਰਾਂ ਅਤੇ ਸਬ ਸੈਂਟਰਾਂ ਵਿਚ ਵਿਸ਼ੇਸ਼ ਟੀਕਾਕਰਨ ਸੈਸ਼ਨ, ਜਾਗਰੂਕਤਾ ਕੈਂਪ, ਸੈਮੀਨਾਰ ਅਤੇ ਰੈਲੀਆਂ ਕਰਵਾਈਆਂ ਜਾਣਗੀਆਂ | ਇਸ ਤੋਂ ਇਲਾਵਾ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਟੀਕਾਕਰਨ ਯਕੀਨੀ ਬਣਾਇਆ ਜਾਵੇਗਾ | ਇਹ ਰੈਲੀ ਜ਼ਿਲ੍ਹਾ ਹਸਪਤਾਲ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਗੁਜ਼ਰੀ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਉਰਮਿਲਾ, ਐਸ.ਐਮ.ਓ. ਡਾ. ਸੁਰਜੀਤ ਸਿੰਘ, ਡਾ. ਜੰਗਜੀਤ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਮੈਡਮ ਗੁਰਮੀਤ ਕੌਰ, ਡਿਪਟੀ ਮਾਸ ਮੀਡੀਆ ਅਫਸਰਜ ਰੀਤੂ ਅਤੇ ਰਾਕੇਸ਼ ਸਿੰਘ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਸੁਖਜੀਤ ਕੰਬੋਜ ਹਾਜ਼ਰ ਸਨ |