ਨੂਰਪੁਰ ਬੇਦੀ, 24 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)- ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਅੱਜ ਬੀ.ਡੀ.ਪੀ.ਓ. ਦਫ਼ਤਰ ਨੂਰਪੁਰ ਬੇਦੀ ਵਿਖੇ ਪਹੁੰਚੇ ਇਸ ਦੌਰਾਨ ਉਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਫ਼ਾਈ ਸੇਵਕ ਸਮਾਜ ਦੇ ਸਮਰਪਿਤ ਸੈਨਿਕ ਹੁੰਦੇ ਹਨ, ਜੋ ਸਿਪਾਹੀਆਂ ਵਾਂਗ ਦਿਨ-ਰਾਤ ਆਪਣੀ ਡਿਊਟੀ ਨਿਭਾ ਕੇ ਸਾਨੂੰ ਸਾਫ਼-ਸੁਥਰਾ ਮਾਹੌਲ ਪ੍ਰਦਾਨ ਕਰਦੇ ਹਨ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰਾਂ ਤੇ ਪਿੰਡਾਂ ਨੂੰ ਗੰਦਗੀ ਤੋਂ ਬਚਾ ਕੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਕਰਦੇ ਹਨ | ਇਹ ਕਰਮਚਾਰੀ ਬਿਨਾਂ ਕਿਸੇ ਡਰ ਦੇ ਗੰਦਗੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦਾ ਸਾਹਮਣਾ ਕਰਦੇ ਹੋਏ ਲੋਕਾਂ ਨੂੰ ਸ਼ੁੱਧ ਹਵਾ ਅਤੇ ਸਾਫ਼ ਪਾਣੀ ਪ੍ਰਦਾਨ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਕਮਿਸ਼ਨ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ | ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮਤਾ ਪਾਸ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਰਿਹਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ, ਕਿ ਸਮੇਂ-ਸਮੇਂ ਉਨ੍ਹਾਂ ਦੀ ਮੈਡੀਕਲ ਜਾਂਚ ਕਰਵਾਈ ਜਾਵੇ ਤੇ ਬਿਮਾਰੀ ਦੀ ਸਥਿਤੀ ਵਿਚ ਸਰਕਾਰੀ ਹਸਪਤਾਲਾਂ ਵਿਚ ਇਲਾਜ ਯਕੀਨੀ ਬਣਾਇਆ ਜਾਵੇ | ਇਸ ਮੌਕੇ ਬੀ.ਡੀ.ਪੀ.ਓ. ਅਮਰਜੀਤ ਸਿੰਘ ਨੇ ਸੁਰਿੰਦਰ ਕਲਿਆਣ ਦਾ ਉਚੇਚੇ ਤੌਰ 'ਤੇ ਸਵਾਗਤ ਤੇ ਧੰਨਵਾਦ ਕੀਤਾ |