ਰੂਪਨਗਰ, 25 ਅਪ੍ਰੈਲ (ਸਤਨਾਮ ਸਿੰਘ ਸੱਤੀ)-ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਜ਼ਿਲ੍ਹਾ ਪੱਧਰ 'ਤੇ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਤਹਿਤ ਇੱਕ ਅਹਿਮ ਮੀਟਿੰਗ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਹੋਈ | ਇਸ ਮੀਟਿੰਗ ਵਿਚ ਪੰਜਾਬ ਸਰਕਾਰ ਖ਼ਿਲਾਫ਼ ਆਉਣ ਵਾਲੇ ਸਮੇਂ ਵਿਚ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝਾ ਫਰੰਟ ਦੇ ਆਗੂ ਕਰਮ ਸਿੰਘ ਧਨੋਆ, ਰਾਧੇ ਸ਼ਿਆਮ, ਗੁਰਬਿੰਦਰ ਸਿੰਘ ਸਸਕੌਰ ਅਤੇ ਮਦਨ ਗੋਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਸਮੇਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ | ਚਾਰ ਸਾਲ ਪੂਰੇ ਹੋਣ ਦੇ ਬਾਵਜੂਦ ਨਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਗਈ, ਨਾ ਹੀ ਪੇ ਕਮਿਸ਼ਨ ਦੇ ਬਕਾਏ ਦਿੱਤੇ ਗਏ ਅਤੇ ਨਾ ਹੀ ਕੱਚੇ, ਮਾਣਭੱਤਾ, ਆਉਟਸੋਰਸਿੰਗ ਅਤੇ ਇਨਲਿਸਟਮੈਂਟ ਕਰਮਚਾਰੀਆਂ ਦੇ ਮਸਲੇ ਹੱਲ ਕੀਤੇ ਗਏ | ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ ਪਰ ਨਵੀਆਂ ਭਰਤੀਆਂ ਨਹੀਂ ਕੀਤੀਆਂ ਗਈਆਂ | ਬਕਾਇਆ ਮਹਿੰਗਾਈ ਭੱਤੇ (ਡੀ.ਏ.) ਦੇ ਮਾਮਲੇ ਵਿਚ ਵੀ ਸਰਕਾਰ ਦਾ ਰਵੱਈਆ ਮੁਲਾਜ਼ਮ ਵਿਰੋਧੀ ਰਿਹਾ ਹੈ | ਆਗੂਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਅਦਾਲਤ ਨੇ ਮੁਲਾਜ਼ਮਾਂ ਦੇ ਹੱਕ ਵਿਚ ਫੈਸਲਾ ਦਿੱਤਾ ਹੈ | ਸਾਂਝਾ ਫਰੰਟ ਨੇ ਐਲਾਨ ਕੀਤਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਵੱਡੀ ਕਨਵੈਨਸ਼ਨ 17 ਮਈ 2026 ਨੂੰ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋਵੇਗੀ, ਜਿਸ ਵਿਚ ਆਉਣ ਵਾਲੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਜੇਲ੍ਹ ਭਰੋ ਅੰਦੋਲਨ ਵੀ ਸ਼ੁਰੂ ਕੀਤਾ ਜਾਵੇਗਾ | ਮੀਟਿੰਗ ਵਿਚ ਅਧਿਆਪਕਾਂ ਉੱਤੇ ਟੈੱਟ ਦੀ ਸ਼ਰਤ ਥੋਪਣ ਅਤੇ ਹਾਲੀਆ ਦਿਨਾਂ ਵਿਚ ਕਰਮਚਾਰੀਆਂ ਉੱਤੇ ਹੋਏ ਜਬਰ ਦੀ ਨਿਖੇਧੀ ਵੀ ਕੀਤੀ ਗਈ | ਇਸ ਮੌਕੇ ਜਸਵਿੰਦਰ ਪਾਲ ਕਾਂਗੜ, ਰਾਮ ਦਾਸ, ਤਰਸੇਮ ਭਨਾਮ, ਫਕੀਰ ਚੰਦ ਬਾਂਸਲ, ਤਰਲੋਚਨ ਸਿੰਘ ਗਿੱਲ, ਪ੍ਰੀਤਮ ਸਿੰਘ ਰੱਕੜ, ਸੁਖਦੇਵ ਸਿੰਘ ਸੁਰਤਾਪੁਰੀ, ਰਾਮ ਪ੍ਰਤਾਪ, ਅਸ਼ੋਕ ਕੁਮਾਰ, ਬਲਦੇਵ ਰਾਜ, ਹਰਜਾਪ ਸਿੰਘ ਪਲਾਸੀ, ਬਖਸ਼ੀ ਰਾਮ, ਐਮ.ਡੀ. ਕੋਸ਼ਲ, ਨਛੱਤਰ ਸਿੰਘ ਅਤੇ ਮੇਹਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ |