ਸ੍ਰੀ ਅਨੰਦਪੁਰ ਸਾਹਿਬ, 25 ਅਪ੍ਰੈਲ (ਕਰਨੈਲ ਸਿੰਘ)-ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਅਤੇ ਨੌਜਵਾਨ ਆਗੂ ਐਡਵੋਕੇਟ ਅਰਵਿੰਦ ਮਿੱਤਲ ਨੇ ਆਮ ਆਦਮੀ ਪਾਰਟੀ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੰਜਾਬ 'ਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਰਡਬੰਦੀ ਅਤੇ ਵੋਟਾਂ ਦੀ ਅਦਲਾ ਬਦਲੀ ਦੇ ਨਾਂ 'ਤੇ ਵੱਡੇ ਪੱਧਰ 'ਤੇ ਗੜਬੜੀ ਕੀਤੀ ਗਈ ਹੈ, ਜਿਸ ਨਾਲ ਲੋਕਾਂ ਦੇ ਮੌਲਿਕ ਅਧਿਕਾਰਾਂ 'ਤੇ ਅਸਰ ਪੈ ਸਕਦਾ ਹੈ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਿੱਤਲ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਸਰਕਾਰ ਦੇ ਦਬਾਅ ਹੇਠ ਚੋਣ ਪ੍ਰਕਿਰਿਆ ਨੂੰ ਆਪਣੇ ਹੱਕ 'ਚ ਮੋੜਨ ਦੀ ਕੋਝੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਵਿਰੋਧੀ ਪਾਰਟੀਆਂ ਦੇ ਸਮਰਥਕਾਂ ਨੂੰ ਫੋਨ ਕਰਕੇ ਡਰਾਇਆ-ਧਮਕਾਇਆ ਜਾ ਰਿਹਾ ਹੈ, ਜੋ ਲੋਕਤੰਤਰਿਕ ਪ੍ਰਣਾਲੀ ਲਈ ਠੀਕ ਨਹੀਂ | ਉਨ੍ਹਾਂ ਕਿਹਾ ਕਿ ਵੋਟਾਂ 'ਚ ਭੰਨਤੋੜ ਕਰਕੇ ਜਨਤਾ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ | ਮਿੱਤਲ ਨੇ ਕਿਹਾ ਕਿ ਪੰਜਾਬ ਦੇ ਲੋਕ ਹਮੇਸ਼ਾ ਜਬਰ ਦਾ ਮੁਕਾਬਲਾ ਕਰਦੇ ਆਏ ਹਨ ਅਤੇ ਇਸ ਵਾਰ ਵੀ ਉਹ ਆਪਣਾ ਹੱਕ ਲੈਣਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦਾ ਇਸਤੇਮਾਲ ਕਰਨ | ਉਨ੍ਹਾਂ ਇਹ ਵੀ ਕਿਹਾ ਕਿ ਜੇ ਕਿਸੇ ਨੂੰ ਚੋਣਾਂ ਦੌਰਾਨ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਹਮੇਸ਼ਾ ਲੋਕਾਂ ਦੇ ਨਾਲ ਖੜੇ ਰਹਿਣਗੇ | ਇਸ ਦੌਰਾਨ ਮਿੱਤਲ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵਲੋਂ ਭਾਜਪਾ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ ਹੈ, ਜਿਸ ਦਾ ਉਨ੍ਹਾਂ ਨੇ ਸਵਾਗਤ ਕੀਤਾ | ਇਸ ਮੌਕੇ ਭਾਜਪਾ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ |