ਨੂਰਪੁਰ ਬੇਦੀ, 25 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਦੁੱਧ ਉਤਪਾਦਕ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਵੇਰਕਾ ਮਿਲਕ ਪਲਾਂਟ ਮੁਹਾਲੀ ਵਲੋਂ ਇੱਕ ਹੋਰ ਮਿਸਾਲ ਕਾਇਮ ਕੀਤੀ ਗਈ ਹੈ | ਪਲਾਂਟ ਦੇ ਡਾਇਰੈਕਟਰ ਸੁਰਜੀਤ ਸਿੰਘ ਕਾਹਲੋਂ ਨੇ ਇਲਾਕੇ ਦੇ ਪਿੰਡ ਸੰਦੋਆ ਵਿਖੇ ਪਹੁੰਚ ਕੇ ਪੀੜਤ ਕਿਸਾਨ ਪ੍ਰੇਮ ਸਿੰਘ ਨੂੰ 40 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਚੈੱਕ ਭੇਟ ਕੀਤਾ | ਉਨ੍ਹਾਂ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਪ੍ਰੇਮ ਸਿੰਘ ਦੀ ਮੱਝ ਦੀ ਅਚਾਨਕ ਮੌਤ ਹੋ ਗਈ ਸੀ, ਜਿਸ ਕਾਰਨ ਉਸ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ | ਇਸ ਘਟਨਾ ਦੇ ਬਾਅਦ ਵੇਰਕਾ ਮਿਲਕ ਪਲਾਂਟ ਵਲੋਂ ਵਿਭਾਗੀ ਕਾਰਵਾਈ ਪੂਰੀ ਕਰਕੇ ਕਿਸਾਨ ਨੂੰ ਰਾਹਤ ਪ੍ਰਦਾਨ ਕੀਤੀ ਗਈ | ਇਸ ਮੌਕੇ ਡਾਇਰੈਕਟਰ ਕਾਹਲੋਂ ਨੇ ਖ਼ੁਦ ਪਿੰਡ ਵਿਚ ਜਾ ਕੇ ਚੈੱਕ ਸੌਂਪਿਆ | ਇਸ ਮੌਕੇ ਡਾਇਰੈਕਟਰ ਸੁਰਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਵੇਰਕਾ ਹਮੇਸ਼ਾ ਆਪਣੇ ਦੁੱਧ ਉਤਪਾਦਕ ਕਿਸਾਨਾਂ ਦੇ ਨਾਲ ਖੜ੍ਹਾ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਿਰਫ਼ ਦੁੱਧ ਦੀ ਵਾਜਬ ਕੀਮਤ ਹੀ ਨਹੀਂ ਦਿੱਤੀ ਜਾਂਦੀ, ਸਗੋਂ ਮੁਸ਼ਕਿਲ ਹਾਲਾਤ ਵਿਚ ਉਨ੍ਹਾਂ ਨੂੰ ਆਰਥਿਕ ਸਹਾਇਤਾ ਦੇ ਕੇ ਸੰਭਾਲਿਆ ਵੀ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਵੇਰਕਾ ਵਲੋਂ ਸਮੇਂ-ਸਮੇਂ ਤੇ ਵੱਖ-ਵੱਖ ਭਲਾਈ ਸਕੀਮਾਂ ਚਲਾਈਆਂ ਜਾਂਦੀਆਂ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ | ਚੈੱਕ ਪ੍ਰਾਪਤ ਕਰਨ ਉਪਰੰਤ ਪ੍ਰੇਮ ਸਿੰਘ ਨੇ ਵੇਰਕਾ ਮਿਲਕ ਪਲਾਂਟ ਮੋਹਾਲੀ ਦੇ ਅਧਿਕਾਰੀਆਂ ਅਤੇ ਡਾਇਰੈਕਟਰ ਕਾਹਲੋਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਨਿਰਮਲ ਸਿੰਘ ਸੰਦੋਆ, ਏਰੀਆ ਇੰਚਾਰਜ ਰਾਜਵੀਰ ਸਿੰਘ, ਐਮ.ਪੀ. ਏ ਬਿੰਦਰ ਸਿੰਘ ਅਤੇ ਅਮਰੀਕ ਸਿੰਘ ਸਮੇਤ ਹੋਰ ਹਾਜ਼ਰ ਸਨ |