ਕਾਹਨਪੁਰ ਖੂਹੀ, 27 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)- ਰੂਪਨਗਰ ਹਲਕੇ ਦੇ ਪਿੰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਸਪਾਲਵਾਂ ਤੋਂ ਕਾਹਨਪੁਰ ਖੂਹੀ ਅਤੇ ਭੰਗਲ ਨੂੰ ਜੋੜਦੀ ਸੜਕ ਨੂੰ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ | ਇਹ ਪ੍ਰੋਜੈਕਟ ਇਲਾਕੇ ਦੀ ਕਨੈਕਟੀਵਿਟੀ ਸੁਧਾਰਣ ਦੇ ਨਾਲ-ਨਾਲ ਪਿੰਡਾਂ ਦੇ ਸਮੂਹਿਕ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਇਹ ਰਸਤਾ ਕੱਚਾ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਹੁਣ ਪਹਿਲੀ ਵਾਰ ਇਸ ਰਸਤੇ ਨੂੰ ਪੱਕੀ ਸੜਕ ਦੀ ਸਹੂਲਤ ਮਿਲਣ ਜਾ ਰਹੀ ਹੈ, ਜੋ ਇਲਾਕੇ ਲਈ ਇਕ ਵੱਡੀ ਉਪਲਬਧੀ ਹੈ | ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਧਿਆਨ 'ਚ ਰੱਖਦਿਆਂ ਇਸ ਕੰਮ ਨੂੰ ਤਰਜ਼ੀਹ ਦੇ ਆਧਾਰ 'ਤੇ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਲਗਭਗ 1.30 ਕਿਲੋਮੀਟਰ ਲੰਬੀ ਇਸ ਸੜਕ ਦੇ ਨਿਰਮਾਣ 'ਤੇ ਕਰੀਬ 77 ਲੱਖ ਰੁਪਏ ਦੀ ਲਾਗਤ ਆਏਗੀ ਅਤੇ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਸੰਬੰਧਿਤ ਵਿਭਾਗ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਿਰਮਾਣ ਕੰਮ ਉੱਚ ਗੁਣਵੱਤਾ ਮਿਆਰਾਂ ਅਨੁਸਾਰ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਲੰਬੇ ਸਮੇਂ ਤੱਕ ਸੁਵਿਧਾ ਮਿਲਦੀ ਰਹੇ | ਵਿਧਾਇਕ ਚੱਢਾ ਨੇ ਇਹ ਵੀ ਕਿਹਾ ਕਿ ਹਲਕੇ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ | ਜਿੱਥੇ ਸੜਕਾਂ ਦੀ ਹਾਲਤ ਖਰਾਬ ਹੈ, ਉਨ੍ਹਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਜਿੱਥੇ ਅਜੇ ਤੱਕ ਸੜਕਾਂ ਨਹੀਂ ਸਨ, ਉੱਥੇ ਵੀ ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ | ਸਮਾਰੋਹ ਦੌਰਾਨ ਐਸ.ਡੀ.ਓ. ਗੁਰਵਿੰਦਰ ਸਿੰਘ, ਜੇ.ਈ. ਬਲਵਿੰਦਰ ਸਿੰਘ, ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਮਨਜੀਤ ਸਿੰਘ ਬੂਥਗੜ੍ਹ, ਮੱਖਣ ਸਿੰਘ ਚੇਚੀ, ਕੇਸ਼ਵ ਗੋਚਰ, ਜਸਵੀਰ ਸਿੰਘ, ਦੀਪਕ ਰਾਣਾ ਅਤੇ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਰਹੇ |