ਸ੍ਰੀ ਚਮਕੌਰ ਸਾਹਿਬ, 27 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਬੀਤੀ ਸ਼ਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪਹਿਲਾ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਦੇ ਪ੍ਰਸਿੱਧ ਵਿਦਵਾਨ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡੇ ਵਾਲੇ, ਭਾਈ ਅਭਿਨਾਸ਼ੀ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ, ਭਾਈ ਜਸਕਰਨ ਸਿੰਘ ਹਜ਼ੂਰੀ ਰਾਗੀ ਸ੍ਰੀ ਚਮਕੌਰ ਸਾਹਿਬ, ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਚਮਕੌਰ ਸਾਹਿਬ, ਭਾਈ ਗੁਰਪ੍ਰੀਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਕਿਰਨਜੀਤ ਸਿੰਘ ਦੇ ਜਥਿਆਂ ਵਲੋਂ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕੀਤਾ ਗਿਆ | ਇਸ ਮੌਕੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਅੱਜ ਨਸ਼ਿਆਂ, ਪਤਿਤ ਪੁਣਾ ਅਤੇ ਡੇਰਾ ਵਾਦ ਨੇ ਸਿੱਖ ਫਲਸਫੇ ਨੂੰ ਢਾਹ ਲਗਾਈ ਹੈ | ਜਿਸ ਕਾਰਨ ਅਜੌਕੀ ਪੀੜ੍ਹੀ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਦੂਰ ਹੁੰਦੀ ਜਾ ਰਹੀ ਹੈ | ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਸਵੀਰ ਸਿੰਘ ਨੇ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਇੱਥੋਂ ਦਾ ਇਤਿਹਾਸ ਸਾਨੂੰ ਜੁਲਮ ਤੇ ਜਾਲਮ ਨਾਲ ਟਕਰਾਉਣ ਦਾ ਜੋ ਸੁਨੇਹਾ ਦਿੰਦਾ ਹੈ, ਅੱਜ ਸਾਨੂੰ ਉਸ 'ਤੇ ਪਹਿਰਾ ਦੇਣ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਜੋ ਮਹੀਨਾਵਾਰ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ, ਉਹ ਅੱਜ ਦੀ ਪੀੜ੍ਹੀ ਨੂੰ ਮੋਬਾਈਲ ਕਲਚਰ 'ਚੋਂ ਕੱਢ ਕੇ ਸਿੱਖ ਧਰਮ ਦੇ ਗੌਰਵਮਈ ਇਤਿਹਾਸ ਨਾਲ ਜੋੜਨਾ ਹੈ, ਜਿਸ ਤਹਿਤ ਅੱਜ ਪਹਿਲਾ ਸਮਾਗਮ ਕਰਵਾਇਆ ਜਾ ਰਿਹਾ ਹੈ | ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ਅਤੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਇਨ੍ਹਾਂ ਸਮਾਗਮਾਂ ਵਿਚ ਬੱਚਿਆਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ | ਇਸ ਮੌਕੇ ਗੁਰਮਿੰਦਰ ਸਿੰਘ ਖਰੜ, ਭਾਈ ਮਨਪ੍ਰੀਤ ਸਿੰਘ ਸੰਗਤਪੁਰ, ਗਿਆਨੀ ਗੁਰਜੀਤ ਸਿੰਘ, ਭਾਈ ਨਰਿੰਦਰ ਸਿੰਘ ਸੋਲਖੀਆਂ, ਭਾਈ ਰਵਿੰਦਰ ਸਿੰਘ, ਭਾਈ ਲਵਪ੍ਰੀਤ ਸਿੰਘ, ਗੁਰਨਾਮ ਸਿੰਘ, ਅਵਤਾਰ ਸਿੰਘ ਘੁੰਮਣ, ਅਮਨਦੀਪ ਸਿੰਘ ਮਾਂਗਟ, ਤਰਲੋਚਨ ਸਿੰਘ ਰਾਂਈਵਾੜਾ, ਬਲਬੀਰ ਸਿੰਘ ਗੜ੍ਹੀ, ਗਿਆਨੀ ਚਰਨਜੀਤ ਸਿੰਘ ਸਾਂਤਪੁਰ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ |