ਕਾਹਨਪੁਰ ਖੂਹੀ, 27 ਅਪ੍ਰੈਲ, (ਗੁਰਬੀਰ ਸਿੰਘ ਵਾਲੀਆ)-ਹਲਕਾ ਰੋਪੜ 'ਚ ਸਰਕਾਰੀ ਸਕੂਲਾਂ ਦੀ ਨੁਹਾਰ ਸੁਧਾਰਨ ਲਈ ਚੱਲ ਰਹੀ ਮੁਹਿੰਮ ਤਹਿਤ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ | ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਪਿੰਡ ਸਪਾਲਵਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਨਵੇਂ ਬਣੇ ਐਡੀਸ਼ਨਲ ਰੂਮ ਦਾ ਸ਼ਾਨਦਾਰ ਢੰਗ ਨਾਲ ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ਼ ਰਾਜ ਸੈਣੀ ਨੇ ਰਿਬਨ ਕੱਟ ਕੇ ਕੀਤਾ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਪਿੰਡਾਂ ਦੇ ਬੱਚਿਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਲਈ ਢਾਂਚਾਗਤ ਸੁਧਾਰ ਬਹੁਤ ਜ਼ਰੂਰੀ ਹਨ | ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵਲੋਂ ਸਕੂਲਾਂ ਵਿਚ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸ ਮੌਕੇ ਬਲਾਕ ਸੰਮਤੀ ਮੈਂਬਰ ਹੇਮੰਤ ਸੈਣੀ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਵਧੀਆ ਪੜ੍ਹਾਈ ਦਾ ਮਾਹੌਲ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਕੂਲਾਂ ਨੂੰ ਸ਼ਹਿਰੀ ਸਕੂਲਾਂ ਦੇ ਬਰਾਬਰ ਲਿਆਉਣ ਲਈ ਇਸ ਤਰ੍ਹਾਂ ਦੇ ਵਿਕਾਸ ਕਾਰਜ ਜਾਰੀ ਰਹਿਣਗੇ | ਸਕੂਲ ਦੇ ਅਧਿਆਪਕ ਮਾਸਟਰ ਬਲਬੀਰ ਸਿੰਘ ਅਤੇ ਮਾਸਟਰ ਬਲਵਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਨਵੇਂ ਕਮਰੇ ਨਾਲ ਵਿਦਿਆਰਥੀਆਂ ਦੀ ਬੈਠਕ ਦੀ ਸਮੱਸਿਆ ਦੂਰ ਹੋਵੇਗੀ ਅਤੇ ਪੜ੍ਹਾਈ ਵਿਚ ਸੁਧਾਰ ਆਵੇਗਾ | ਸਮਾਗਮ ਦੇ ਅੰਤ ਵਿਚ ਪਿੰਡ ਵਾਸੀਆਂ ਅਤੇ ਸਕੂਲ ਸਟਾਫ਼ ਵਲੋਂ ਵਿਧਾਇਕ ਦਿਨੇਸ਼ ਚੱਢਾ ਅਤੇ ਹੋਰ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ | ਪ੍ਰੋਗਰਾਮ ਦੌਰਾਨ ਚੇਅਰਮੈਨ ਸੁਨੀਤਾ ਦੇਵੀ, ਸਰਪੰਚ ਅਸ਼ੋਕ ਸਿੰਘ, ਅਵਤਾਰ ਕੁਮਾਰ, ਮਨਜੀਤ ਕੁਮਾਰ ਬੂਥਗੜ੍ਹ ਸਮੇਤ ਹੋਰ ਪੰਚਾਇਤੀ ਅਤੇ ਸਮਾਜਿਕ ਨੁਮਾਇੰਦੇ ਵੀ ਮੌਜੂਦ ਰਹੇ |