ਰੂਪਨਗਰ, 4 ਮਈ (ਗੁਰਪ੍ਰੀਤ ਸਿੰਘ ਹੁੰਦਲ)- ਬਹੁਜਨ ਸਮਾਜ ਪਾਰਟੀ ਵੱਲੋਂ ਸ਼ੁਰੂ ਕੀਤੀ 'ਪੰਜਾਬ ਸੰਭਾਲੋ ਮੁਹਿੰਮ' ਤਹਿਤ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਦੇ ਆਗੂਆਂ ਦੀ ਮੀਟਿੰਗ ਗੁਰੂ ਰਵਿਦਾਸ ਧਰਮਸ਼ਾਲਾ ਰੋਪੜ ਵਿਖੇ ਹੋਈ ਜਿਸ ਵਿਚ ਪਾਰਟੀ ਦੇ ਸੂਬਾ ਪ੍ਰਧਾਨ ਡਾ: ਅਵਤਾਰ ਸਿੰਘ ਕਰੀਮਪੁਰੀ, ਸੂਬਾ ਇੰਚਾਰਜ ਅਜੀਤ ਸਿੰਘ ਭੈਣੀ ਤੇ ਡਾ: ਨਛੱਤਰ ਪਾਲ ਐਮ.ਐਲ.ਏ. ਨਵਾਂਸ਼ਹਿਰ ਤੇ ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਬਜਹੇੜੀ ਵਿਸ਼ੇਸ਼ ਰੂਪ ਵਿਚ ਪਹੁੰਚੇ | ਮੀਟਿੰਗ ਲੋਕ ਸਭਾ ਇੰਚਾਰਜ ਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਨਨਹੇੜੀਆਂ ਤੇ ਪ੍ਰਬੀਨ ਬੰਗਾ ਦੀ ਅਗਵਾਈ ਵਿਚ ਕੀਤੀ ਜਿਸ ਵਿਚ ਹਲਕਾ ਵਾਰ ਸੰਗਠਨ ਦੀ ਸਮੀਖਿਆ ਦੇ ਨਾਲ-ਨਾਲ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ | ਉਪਰੋਕਤ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਜੋ ਪੰਜਾਬ ਕਦੇ ਦੇਸ਼ ਦੇ ਸੂਬਿਆਂ ਦੀ ਮੂਹਰਲੀ ਕਤਾਰ ਵਿਚ ਹੁੰਦਾ ਸੀ ਉਹ ਪੰਜਾਬ ਅੱਜ 78 ਸਾਲਾਂ ਤੋਂ ਕਾਂਗਰਸ, ਅਕਾਲੀ-ਭਾਜਪਾ ਅਤੇ ਹੁਣ ਆਮ ਪਾਰਟੀ ਦੀਆਂ ਮਾੜੀਆਂ ਨੀਤੀਆਂ ਕਾਰਨ ਕਰਜ਼ੇ ਦੇ ਬੋਝ ਥੱਲੇ ਦੱਬਿਆ ਗਿਆ | ਬਸਪਾ ਆਗੂਆਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਬਹੁਜਨ ਸਮਾਜ ਪਾਰਟੀ ਵੱਲੋਂ ਸ਼ੁਰੂ ਕੀਤੀ ਪੰਜਾਬ ਸੰਭਾਲੋ ਮੁਹਿੰਮ ਨਾਲ ਜੁੜ ਕੇ ਇੱਕ ਮੌਕਾ ਬਸਪਾ ਨੂੰ ਦੇਣ ਤਾਂ ਜੋ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ | ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਸਰਦੂਲ ਸਿੰਘ, ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਹਰਕਾ ਦਾਸ ਤੇ ਜ਼ਿਲ੍ਹਾ ਨਵਾਂਸ਼ਹਿਰ ਦੇ ਪ੍ਰਧਾਨ ਸਰਬਜੀਤ ਜਾਫਰਪੁਰ ਤੋਂ ਇਲਾਵਾ ਜ਼ਿਲ੍ਹਾ ਤੇ ਹਲਕਿਆਂ ਦੇ ਜ਼ਿੰਮੇਵਾਰ ਆਗੂ ਹਾਜ਼ਰ ਸਨ |