ਰੂਪਨਗਰ, 5 ਮਈ (ਯਸ਼ਵੰਤ ਬੱਸੀ)-ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਵਿਖੇ ਸਿਹਤ ਸਹੂਲਤਾਂ ਵਿੱਚ ਵਾਧਾ ਕਰਦਿਆਂ ਨਵ-ਜਨਮੇ ਬੱਚਿਆਂ ਦੀ ਦੇਖਭਾਲ ਸਬੰਧੀ ਸੇਵਾਵਾਂ ਵਿੱਚ ਵਾਧਾ ਕੀਤਾ ਗਿਆ ਹੈ | ਇਸ ਤਹਿਤ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੀ ਅਗਵਾਈ ਹੇਠ ਟਰੇਨਿੰਗ ਸ਼ੈਟਰ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਦੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਲਈ ਸਿਖਲਾਈ ਪ੍ਰੋਗਰਾਮ ਲਗਾਇਆ ਗਿਆ | ਸਿਖਲਾਈ ਦੌਰਾਨ ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਕਿਹਾ ਕਿ ਆਮ ਆਦਮੀ ਕਲੀਨਿਕ 'ਤੇ ਆਏ ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਸਿਹਤ ਸਿੱਖਿਆ ਨੂੰ ਵੀ ਯਕੀਨੀ ਬਣਾਇਆ ਜਾਵੇ | ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜਨਮ ਤੋਂ ਬਾਅਦ 6 ਮਹੀਨਿਆਂ ਤੱਕ ਬੱਚਿਆਂ ਨੂੰ ਸਿਰਫ਼ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ, ਜਿਸ ਨਾਲ ਬੱਚੇ ਵਿੱਚ ਰੋਗਾਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ, ਪਾਚਨ ਅਤੇ ਰੋਗ ਪ੍ਰਤੀਰੋਧਕ ਪ੍ਰਣਾਲੀ ਬਹੁਤ ਤੇਜ਼ੀ ਨਾਲ ਵਿਕਸਿਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਜਨਮ ਤੋਂ 6 ਮਹੀਨੇ ਬਾਅਦ ਅਰਧ ਠੋਸ ਖ਼ੁਰਾਕ ਹੌਲੀ-ਹੌਲੀ ਸ਼ੁਰੂ ਕਰਨੀ ਚਾਹੀਦੀ ਹੈ | ਟਰੇਨਿੰਗ ਸੈਸ਼ਨ ਦੌਰਾਨ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਗੁਰਸੇਵਕ ਸਿੰਘ ਗਿੱਲ ਵਲੋਂ ਵੀ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਨੂੰ ਨਵ-ਜਨਮੇ ਬੱਚਿਆ ਦੀ ਦੇਖਭਾਲ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਉਨ੍ਹਾਂ ਵਲੋਂ ਫੈਮਿਲੀ ਪਲਾਨਿੰਗ, ਪੋਸਟ ਨੇਟਲ ਕੇਅਰ ਆਦਿ ਬਾਰੇ ਵੀ ਜਾਣਕਾਰੀ ਦਿੰਦੇ ਹੋਏ ਸਿਖਲਾਈ ਦਿੱਤੀ ਗਈ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ, ਐਸ.ਐਮ.ਓ. ਕਮ ਨੋਡਲ ਅਫ਼ਸਰ ਡਾ. ਅਮਰਜੀਤ ਸਿੰਘ, ਡਾ. ਗਗਨ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਮੀਤ ਕੌਰ, ਰਵਿੰਦਰ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਰੀਤੂ ਅਤੇ ਰਾਕੇਸ਼ ਸਿੰਘ ਮੌਜੂਦ ਸਨ |