ਰੂਪਨਗਰ, 5 ਮਈ (ਯਸ਼ਵੰਤ ਬੱਸੀ)-ਪੰਜਾਬ ਵਿਧਾਨ ਸਭਾ ਵਲੋਂ ਵਿਸ਼ੇਸ਼ ਸੈਸ਼ਨ ਵਿਚ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਸਜ਼ਾਵਾਂ ਦੇ ਪ੍ਰਬੰਧ ਲਈ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026' ਪਾਸ ਹੋਣ ਉਪਰੰਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ਤੇ ਇਸ ਉਪਰੰਤ ਰੂਪਨਗਰ ਦੇ ਸ਼ਹੀਦ ਭਗਤ ਸਿੰਘ ਚੌਂਕ ਰੋਪੜ ਵਿਖੇ ਵੀ ਸੰਗਤਾਂ ਦੇ ਰੁਬਰੂ ਹੋਣਗੇ | ਇਸ ਸ਼ੁਕਰਾਨਾ ਯਾਤਰਾ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਰੱਖਿਆ ਪ੍ਰਬੰਧਾਂ, ਟਰੈਫਿਕ ਨਿਯੰਤਰਣ, ਸਫਾਈ, ਪੀਣਯੋਗ ਪਾਣੀ, ਮੈਡੀਕਲ ਸਹੂਲਤਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਵਿਸਥਾਰ ਨਾਲ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਨੇ ਕਿਹਾ ਕਿ ਸ਼ੁਕਰਾਨਾ ਯਾਤਰਾ ਵਿਚ ਵੱਡੀ ਗਿਣਤੀ ਵਿਚ ਸੰਗਤ ਦੀ ਭਾਗੀਦਾਰੀ ਦੀ ਸੰਭਾਵਨਾ ਹੈ, ਇਸ ਲਈ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਨਿਭਾਉਂਦਾ ਹੋਇਆ ਕਿਸੇ ਵੀ ਕਿਸਮ ਦੀ ਕਮੀ ਨਾ ਰਹਿਣ ਦੇਵੇ | ਉਨ੍ਹਾਂ ਨੇ ਪੁਲਿਸ ਵਿਭਾਗ ਨੂੰ ਸੁਰੱਖਿਆ ਅਤੇ ਟਰੈਫਿਕ ਪ੍ਰਬੰਧ ਸੁਚਾਰੂ ਸ਼ੁਕਰਾਨਾ ਯਾਤਰਾ ਦੀਆਂ ਬਣਾਉਣ ਲਈ ਵਿਸ਼ੇਸ਼ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਮਿਸ ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ, ਐਸ.ਡੀ.ਐਮ. ਮੋਰਿੰਡਾ ਚੇਤਨ ਬੰਗੜ, ਐਸ.ਡੀ.ਐਮ. ਨੰਗਲ ਸਚਿਨ ਪਾਠਕ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਐੱਸ.ਐੱਸ. ਭੁੱਲਰ, ਐਕਸੀਅਨ ਜਲ ਸਪਲਾਈ ਹਰਜੀਤਪਾਲ ਸਿੰਘ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਮੰਡੀ ਅਫ਼ਸਰ ਸੁਰਿੰਦਰਪਾਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |