ਰੂਪਨਗਰ, 5 ਮਈ (ਯਸ਼ਵੰਤ ਬੱਸੀ)-ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਚੰਦਰਜਯੋਤੀ ਸਿੰਘ ਵਲੋਂ ਜ਼ਿਲ੍ਹਾ ਰੂਪਨਗਰ ਵਿੱਚ ਨਸ਼ਾ ਅਤੇ ਸਮਾਜਿਕ ਆਰਥਿਕ ਜਨਗਨਣਾ ਦੀ ਸ਼ੁਰੂਆਤ ਅੱਜ ਆਪਣੇ ਦਫ਼ਤਰ ਵਿਖੇ ਗਣਨਾ ਕਾਰ ਨਵਜੀਤ ਕੌਰ ਨੂੰ ਆਪਣੀ ਜਾਣਕਾਰੀ ਮੁਹੱਈਆ ਕਰਵਾ ਕੇ ਕਰਵਾਈ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਅਤੇ ਸਮਾਜਿਕ ਆਰਥਿਕ ਸਰਵੇਖਣ 05 ਮਈ ਤੋਂ ਸ਼ੁਰੂ ਹੋ ਚੁੱਕਾ ਹੈ, ਜਿਸਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਨਸ਼ਿਆਂ ਨਾਲ ਸੰਬੰਧਿਤ ਹਾਲਾਤਾਂ ਅਤੇ ਲੋਕਾਂ ਦੀ ਸਮਾਜਿਕ-ਆਰਥਿਕ ਸਥਿਤੀ ਬਾਰੇ ਸਹੀ ਅਤੇ ਤਾਜ਼ਾ ਡਾਟਾ ਇਕੱਠਾ ਕਰਨਾ ਹੈ, ਤਾਂ ਜੋ ਸਰਕਾਰ ਵਲੋਂ ਲੋਕ-ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਸਰਵੇਖਣ ਦੌਰਾਨ ਗਿਣਤੀਕਾਰ ਘਰ-ਘਰ ਜਾ ਕੇ ਨਸ਼ਿਆਂ ਨਾਲ ਸਬੰਧਿਤ ਹਾਲਾਤਾਂ ਅਤੇ ਪਰਿਵਾਰ ਦੀ ਸਮਾਜਿਕ-ਆਰਥਿਕ ਸਥਿਤੀ (ਆਮਦਨ, ਸਿੱਖਿਆ) ਬਾਰੇ ਡਾਟਾ ਇਕੱਠਾ ਕਰਨਗੇ | ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਗਣਨਾ ਕਾਰ ਘਰ ਆਉਣ ਤਾਂ ਉਨ੍ਹਾਂ ਨੂੰ ਸਹੀ ਅਤੇ ਅੱਪਡੇਟ ਜਾਣਕਾਰੀ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਸਹਿਯੋਗ ਕੀਤਾ ਜਾਵੇ | ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਰਮਨਦੀਪ ਕੌਰ ਅਤੇ ਅਮਨਦੀਪ ਸਿੰਘ ਵੀ ਹਾਜ਼ਰ ਸਨ |