ਸ੍ਰੀ ਅਨੰਦਪੁਰ ਸਾਹਿਬ, 9 ਮਈ (ਜ਼ੇ ਐਸ ਨਿੱਕੂਵਾਲ)-ਭਾਜਪਾ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ ਨੇ ਪੰਜਾਬ ਭਰ ਵਿਚ ਨਗਰ ਪੰਚਾਇਤ ਅਤੇ ਨਗਰ ਕੌਂਸਲਾਂ ਦੇ ਸਫ਼ਾਈ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ ਹੜਤਾਲ ਦਾ ਸਮਰਥਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਮੁਲਾਜ਼ਮ ਵਰਗ ਦੇ ਹੱਕਾਂ ਨਾਲ ਖੜੀ ਰਹੀ ਹੈ ਅਤੇ ਅੱਜ ਵੀ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਪੂਰਾ ਸਮਰਥਨ ਕਰਦੀ ਹੈ | ਧਨੇੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਮੁਲਾਜ਼ਮ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਵੱਡੇ ਵਾਅਦੇ ਕੀਤੇ ਸਨ, ਪਰੰਤੂ ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਫ਼ਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰੰਤੂ ਸਰਕਾਰ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਬਣਦੇ ਹੱਕ ਅਤੇ ਸਹੂਲਤਾਂ ਦੇਣ ਦੀ ਬਜਾਏ ਸਰਕਾਰ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਕਾਰਨ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਤੁਰੰਤ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ |