ਨੂਰਪੁਰ ਬੇਦੀ, 9 ਮਈ (ਹਰਦੀਪ ਸਿੰਘ ਢੀਂਡਸਾ)-ਪੰਜਾਬ ਰੋਡਵੇਜ਼ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵਲੋਂ ਆਪਣੀਆਂ ਨੌਕਰੀਆਂ ਪੱਕੀਆਂ ਕਰਨ ਤੇ ਸਰਕਾਰੀ ਟਰਾਂਸਪੋਰਟ ਨੂੰ ਬਚਾਉਣ ਲਈ ਚਲਾਏ ਜਾ ਰਹੇ ਸੰਘਰਸ਼ ਨੂੰ ਹੁਣ ਵੱਖ-ਵੱਖ ਜਥੇਬੰਦੀਆਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ | ਪੰਜਾਬ ਮੋਰਚਾ ਤੇ ਕਿਰਤੀ ਕਿਸਾਨ ਮੋਰਚਾ ਵਲੋਂ ਵੀ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੇ ਹੱਕ 'ਚ ਡਟ ਕੇ ਖੜ੍ਹਨ ਦਾ ਐਲਾਨ ਕੀਤਾ ਗਿਆ ਹੈ | ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਤੇ ਕਿਰਤੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਵੀਰ ਸਿੰਘ ਬੜਵਾ ਨੇ ਸਾਂਝੇ ਬਿਆਨ 'ਚ ਕਿਹਾ ਕਿ ਸਰਕਾਰੀ ਬੱਸਾਂ ਦੇ ਰੂਟ ਪ੍ਰਾਈਵੇਟ ਹੱਥਾਂ ਵਿਚ ਦੇਣ ਤੇ ਸਰਕਾਰੀ ਟਰਾਂਸਪੋਰਟ ਨੂੰ ਹੌਲੀ-ਹੌਲੀ ਫੇਲ ਕਰਨ ਦੀਆਂ ਨੀਤੀਆਂ ਖ਼ਿਲਾਫ਼ ਮੁਲਾਜ਼ਮਾਂ ਨੇ ਲੰਮਾ ਸੰਘਰਸ਼ ਕੀਤਾ | ਇਸ ਦੌਰਾਨ ਕਈ ਕੱਚੇ ਮੁਲਾਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹਾਂ ਵਿਚ ਬੰਦ ਕਰ ਦਿੱਤਾ ਗਿਆ, ਜੋ ਕਿ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ | ਦੋਵਾਂ ਆਗੂਆਂ ਨੇ ਕਿਹਾ ਕਿ ਪੰਜਾਬ ਮੋਰਚਾ ਅਤੇ ਕਿਰਤੀ ਕਿਸਾਨ ਮੋਰਚਾ 18 ਮਈ ਨੂੰ ਹੋਣ ਵਾਲੇ ਸੰਘਰਸ਼ ਨੂੰ ਪੂਰਾ ਸਮਰਥਨ ਦਿੰਦੀਆਂ ਹਨ ਤੇ ਮੁਲਾਜ਼ਮਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਆਂ ਰਹਿਣਗੀਆਂ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜੇਲ੍ਹਾਂ ਵਿੱਚ ਬੰਦ ਮੁਲਾਜ਼ਮਾਂ ਨੂੰ ਤੁਰੰਤ ਰਿਹਾ ਨਾ ਕੀਤਾ ਗਿਆ ਜਾਂ ਸੰਘਰਸ਼ ਕਰ ਰਹੇ ਕਰਮਚਾਰੀਆਂ ਨਾਲ ਕਿਸੇ ਤਰ੍ਹਾਂ ਦੀ ਧੱਕੇਸ਼ਾਹੀ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਹੋਰ ਤਿੱਖਾ ਤੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ | ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਰੋਡਵੇਜ਼ ਵਿਭਾਗ ਨੂੰ ਬਚਾਉਣ ਲਈ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਜਾਣ ਤੇ ਜੇਲ੍ਹਾਂ ਵਿਚ ਬੰਦ ਸਾਰੇ ਕਰਮਚਾਰੀਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ |