ਮੁੱਲਾਂਪੁਰ ਗਰੀਬਦਾਸ, 12 ਮਈ (ਦਿਲਬਰ ਸਿੰਘ ਖੈਰਪੁਰ)-ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਵਿਖੇ ਸਰਹੰਦ ਫ਼ਤਹਿ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮੂਲ ਮੰਤਰ ਅਤੇ ਜਪੁਜੀ ਸਾਹਿਬ ਜੀ ਦੇ ਪਾਠ ਨਾਲ ਹੋਈ, ਉਪਰੰਤ ਅਧਿਆਪਕਾ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਬਾਬਾ ਬੰਦਾ ਸਿੰਘ ਜੀ ਬਹਾਦਰ ਦੁਆਰਾ ਸਰਹੰਦ ਨੂੰ ਫ਼ਤਹਿ ਕਰਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਗਿਆ ਅਤੇ ਅਨੰਦ ਸਾਹਿਬ ਦੀਆਂ ਛੇ ਪੌੜੀਆਂ ਦੇ ਜਾਪ, ਅਰਦਾਸ ਅਤੇ ਨਾਮ ਸਿਮਰਨ ਕੀਤਾ ਗਿਆ | ਇਸੇ ਦੌਰਾਨ ਸਕੂਲ ਦੇ ਡਾਇਰੈਕਟਰ ਇੰਜ. ਜਸਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ, ਜਦਕਿ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਨੇ ਆਪਣੇ ਸੰਦੇਸ਼ ਰਾਹੀਂ ਵਿਦਿਆਰਥੀਆਂ ਅਤੇ ਸਮੁੱਚੇ ਸਟਾਫ਼ ਨੂੰ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ ਇਤਿਹਾਸ ਨੂੰ ਪੜ੍ਹਨ ਅਤੇ ਇਸ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸੀ |