ਰੂਪਨਗਰ, 12 ਮਈ (ਯਸ਼ਵੰਤ ਬੱਸੀ)-ਅੰਤਰਰਾਸ਼ਟਰੀ ਨਰਸਿੰਗ ਦਿਵਸ ਦੇ ਮੌਕੇ 'ਤੇ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਤਾਇਨਾਤ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਸਟਾਫ਼ ਨਰਸਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਨੇ ਆਪਣੇ ਸੰਬੋਧਨ ਵਿਚ ਇਸ ਸਮਾਰੋਹ ਦਾ ਉਦੇਸ਼ ਨਰਸਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਮਾਨਤਾ ਦੇਣਾ ਹੈ | ਡਾ. ਗੁਪਤਾ ਨੇ ਨਰਸਾਂ ਦੀ ਸੇਵਾ ਨੂੰ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਦੱਸਦਿਆਂ ਉਨ੍ਹਾਂ ਦੀ ਭੂਮਿਕਾ ਨੂੰ ਬੇਮਿਸਾਲ ਕਰਾਰ ਦਿੱਤਾ | ਉਨ੍ਹਾਂ ਨੇ ਕਿਹਾ ਕਿ ਨਰਸਾਂ ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਹ ਮਰੀਜ਼ਾਂ ਦੀ ਸੰਭਾਲ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਨੇ ਕਿਹਾ, ''ਨਰਸਾਂ ਸਿਰਫ਼ ਇਲਾਜ ਦਾ ਹਿੱਸਾ ਨਹੀਂ ਹੁੰਦੀਆਂ, ਬਲਕਿ ਉਹ ਮਰੀਜ਼ਾਂ ਲਈ ਹੌਸਲਾ ਅਤੇ ਸਹਾਰਾ ਵੀ ਬਣਦੀਆਂ ਹਨ | ਉਨ੍ਹਾਂ ਦੀ ਸੇਵਾ, ਸਮਰਪਣ ਅਤੇ ਮਨੁੱਖਤਾ ਪ੍ਰਤੀ ਲਗਨ ਸਾਡੇ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ |U ਸਿਵਲ ਸਰਜਨ ਨੇ ਕਿਹਾ ਕਿ ਜਦੋਂ ਕੋਈ ਮਰੀਜ਼ ਹਸਪਤਾਲ ਦਾਖਲ ਹੁੰਦਾ ਹੈ ਤਾਂ ਉਹ ਸਰੀਰਕ ਪੀੜ ਦੇ ਨਾਲ-ਨਾਲ ਮਾਨਸਿਕ ਡਰ ਅਤੇ ਇਕੱਲਤਾ ਨਾਲ ਵੀ ਜੂਝ ਰਿਹਾ ਹੁੰਦਾ ਅਜਿਹੀ ਸਥਿਤੀ ਵਿਚ ਇੱਕ ਨਰਸ ਹੁੰਦੀ ਹੈ ਜੋ ਮਰੀਜ਼ ਦੇ ਸਿਰ ਤੇ ਹੱਥ ਰੱਖ ਕੇ ਉਸ ਨੂੰ ਇਹ ਅਹਿਸਾਸ ਕਰਵਾਉਂਦੀ ਹੈ ਕਿ ਉਹ ਇਕੱਲਾ ਨਹੀਂ ਹੈ ਇੱਕ ਨਰਸ ਹੀ ਹੈ ਜੋ ਮਰੀਜ਼ ਨੂੰ ਸਮੇਂ ਸਿਰ ਸਹੀ ਦਵਾਈ ਦੇਣਾ ਮਰੀਜ਼ ਦੀ ਖੁਰਾਕ ਦਾ ਧਿਆਨ ਰੱਖਣਾ ਤੇ ਉਸਦੇ ਸਰੀਰ ਵਿਚ ਹੋਣ ਵਾਲੀ ਮਾਮੂਲੀ ਤਬਦੀਲੀ ਤੇ ਵੀ ਨਜ਼ਰ ਰੱਖਣਾ ਨਰਸ ਦਾ ਕੰਮ ਹੈ ਇਹ ਕਹਿਣਾ ਅਤਕਥਨੀ ਨਹੀਂ ਹੋਵੇਗੀ ਕਿ ਨਰਸਾਂ ਹਸਪਤਾਲ ਦਾ ਦਿਲ ਹੁੰਦੀਆਂ ਹਨ ਜਿਨਾਂ ਦੀ ਧੜਕਣ ਨਾਲ ਸਾਰੀ ਸਿਹਤ ਪ੍ਰਣਾਲੀ ਚੱਲਦੀ ਹੈ | ਉਨ੍ਹਾਂ ਨਰਸਿੰਗ ਸਟਾਫ਼ ਦੀ ਕੋਵਿਡ ਸਮੇਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਸਮਾਰੋਹ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਨਰਸਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਉਨ੍ਹਾਂ ਨੂੰ ਪ੍ਰਮਾਣ ਪੱਤਰ ਦੇਕੇ ਉਤਸ਼ਾਹਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਕਿਹਾ ਕਿ ਮਰੀਜ਼ਾਂ ਦੀ ਸੇਵਾ ਕਰਨਾ ਉਨ੍ਹਾਂ ਲਈ ਮਾਣ ਦੀ ਗੱਲ ਹੈ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅੰਜਲੀ ਚੌਧਰੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਉਰਮਿਲ ਗਰਗ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਮੀਤ ਕੌਰ ਅਤੇ ਰਵਿੰਦਰ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਰਿਤੂ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਸੁਖਜੀਤ ਕੰਬੋਜ ਹਾਜ਼ਰ ਸਨ |