ਰੂਪਨਗਰ, 12 ਮਈ (ਗੁਰਪ੍ਰੀਤ ਸਿੰਘ ਹੁੰਦਲ)-ਸੂਬੇ ਵਿਚ 26 ਮਈ ਨੂੰ ਨਗਰ ਕੌਂਸਲ ਚੋਣਾਂ ਦੀ ਤਰੀਕ ਨਿਸ਼ਚਿਤ ਹੋ ਚੁੱਕੀ ਹੈ ਅਤੇ 29 ਮਈ ਨੂੰ ਨਤੀਜੇ ਐਲਾਨੇ ਜਾਣੇ ਹਨ, ਪਰ ਲੋਕਤੰਤਰ ਦੇ ਇਸ ਉਤਸਵ 'ਚ ਰੋਪੜ ਸ਼ਹਿਰ ਕੂੜੇ ਦੇ ਢੇਰਾਂ ਵਿਚ ਤਬਦੀਲ ਹੁੰਦਾ ਜਾ ਰਿਹਾ ਹੈ | ਜੇਕਰ ਹੜਤਾਲ ਹੋਰ ਲੰਮਾ ਸਮਾਂ ਜਾਰੀ ਰਹਿੰਦੀ ਹੈ ਤਾਂ ਸ਼ਹਿਰ ਵਾਸੀ ਬਿਮਾਰੀਆਂ ਦੀ ਲਪੇਟ ਵਿਚ ਆ ਸਕਦੇ ਹਨ | ਸਫ਼ਾਈ ਮਜ਼ਦੂਰ ਸੰਘ ਯੂਨੀਅਨ ਵਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਅਣਮਿਥੇ ਸਮੇਂ ਦੀ ਹੜਤਾਲ ਅੱਜ ਸੱਤਵੇਂ ਦਿਨ ਵੀ ਜਾਰੀ ਰਹੀ | ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਜਾਣ ਕਾਰਨ ਗਲੀਆਂ, ਬਾਜ਼ਾਰਾਂ ਅਤੇ ਮੁੱਖ ਚੌਕਾਂ ਵਿਚ ਹੁਣ ਤੱਕ ਭਾਰੀ ਮਾਤਰਾ ਵਿਚ ਕੂੜਾ ਜਮਾਂ ਹੋ ਚੁੱਕਾ ਹੈ | ਯੂਨੀਅਨ ਦੇ ਪ੍ਰਧਾਨ ਅਜੈ ਭੱਟੀ ਦੀ ਅਗਵਾਈ ਹੇਠ ਹੜਤਾਲੀ ਕਰਮਚਾਰੀ ਲਗਾਤਾਰ ਹੜਤਾਲ 'ਤੇ ਹਨ ਅਤੇ ਆਪਣੀਆਂ ਮੰਗਾਂ ਸਬੰਧੀ ਆਵਾਜ਼ ਬੁਲੰਦ ਕਰ ਰਹੇ ਹਨ | ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੇ, ਜਿਸ ਕਾਰਨ ਮੁਲਾਜ਼ਮਾਂ ਵਿਚ ਤਿੱਖਾ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਜਿੰਨਾ ਚਿਰ ਠੇਕਾ ਪ੍ਰਣਾਲੀ ਖ਼ਤਮ ਕਰਕੇ ਆਊਟ ਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਹੁੰਦੀ ਅਤੇ ਦੁਰਘਟਨਾ ਬੀਮਾ ਰਾਸ਼ੀ ਵਧਾ ਕੇ 20 ਲੱਖ ਰੁਪਏ ਨਹੀਂ ਕੀਤੀ ਜਾਂਦੀ, ਉਦੋਂ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ | ਇਸ ਤੋਂ ਇਲਾਵਾ ਮੁਲਾਜ਼ਮਾਂ ਨੇ ਪੇ-ਕਮਿਸ਼ਨ ਦਾ ਬਕਾਇਆ ਜਾਰੀ ਕਰਨ ਅਤੇ ਪਰਖ ਕਾਲ ਦਾ ਸਮਾਂ ਘਟਾ ਕੇ ਦੋ ਸਾਲ ਕਰਨ ਦੀ ਵੀ ਮੰਗ ਕੀਤੀ ਹੈ | ਦੂਜੇ ਪਾਸੇ ਹੜਤਾਲ ਕਾਰਨ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਸਿਖ਼ਰਾਂ 'ਤੇ ਪਹੁੰਚ ਗਈਆਂ ਹਨ | ਕਾਲਜ ਰੋਡ, ਬੇਲਾ ਰੋਡ, ਗਿਆਨੀ ਜ਼ੈਲ ਸਿੰਘ ਨਗਰ ਅਤੇ ਹਸਪਤਾਲ ਰੋਡ ਵਰਗੇ ਅਹਿਮ ਇਲਾਕਿਆਂ ਵਿਚ ਕੂੜੇ ਦੇ ਢੇਰਾਂ ਵਿਚੋਂ ਉੱਠ ਰਹੀ ਬਦਬੂ ਨੇ ਲੋਕਾਂ ਦਾ ਜੀਣਾ ਦੁੱਭਰ ਕਰ ਦਿੱਤਾ ਹੈ | ਗਰਮੀ ਦਾ ਮੌਸਮ ਹੋਣ ਕਾਰਨ ਸ਼ਹਿਰ ਵਿਚ ਮਹਾਂਮਾਰੀ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ਸਥਾਨਕ ਦੁਕਾਨਦਾਰਾਂ ਅਤੇ ਪਤਵੰਤਿਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਗੰਭੀਰ ਮਸਲੇ ਦਾ ਜਲਦ ਤੋਂ ਜਲਦ ਕੋਈ ਸਾਰਥਿਕ ਹੱਲ ਕੱਢਿਆ ਜਾਵੇ, ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਮੁੜ ਲੀਹ 'ਤੇ ਲਿਆਂਦਾ ਜਾ ਸਕੇ |