ਨੂਰਪੁਰ ਬੇਦੀ, 12 ਮਈ (ਹਰਦੀਪ ਸਿੰਘ ਢੀਂਡਸਾ)-ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ, ਜਿਸ ਵਿਚ ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚਨੌਲੀ ਬੱਸੀ ਦੇ ਵਿਦਿਆਰਥੀ ਮਨੀ ਮਹੇਸ਼ ਸ਼ਰਮਾ ਨੇ 645/650 (99.23%) ਅੰਕ ਪ੍ਰਾਪਤ ਕਰਦੇ ਹੋਏ ਪੰਜਾਬ ਵਿਚੋਂ ਦੂਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਜ਼ਿਲੇ੍ਹ, ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਸੀ | ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਆਪਣੀ ਰਿਹਾਇਸ਼ ਦੇ ਬੁਲਾ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਮੰਤਰੀ ਦੇ ਨਾਲ ਐਜੂਕੇਸ਼ਨ ਸੈਕਟਰੀ ਸੋਨਾਲੀ ਗਿਰੀ ਆਈ.ਏ.ਐਸ. ਅਧਿਕਾਰੀ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਅਮਰਪਾਲ ਸਿੰਘ ਵੀ ਮੌਜੂਦ ਸਨ | ਇਸ ਮੌਕੇ ਮਨੀ ਮਹੇਸ਼ ਸ਼ਰਮਾ ਦੇ ਨਾਲ ਜ਼ਿਲ੍ਹਾ ਰੂਪਨਗਰ ਦੇ ਡਿਪਟੀ ਡੀ.ਈ.ਓ. ਇੰਦਰਜੀਤ ਸਿੰਘ, ਮਨੀ ਮਹੇਸ਼ ਦੇ ਪਿਤਾ ਵਿਜੈ ਕੁਮਾਰ ਸ਼ਰਮਾ ਜੋ ਕਿ ਚਨੋਲੀ ਬੱਸੀ ਸਕੂਲ ਵਿਖੇ ਪੰਜਾਬੀ ਦੇ ਅਧਿਆਪਕ ਹਨ ਅਤੇ ਉਨ੍ਹਾਂ ਦੀ ਧਰਮ ਪਤਨੀ ਤੇ ਵਿਦਿਆਰਥੀ ਦੀ ਮਾਤਾ ਮੋਨਿਕਾ ਸ਼ਰਮਾ ਜੋ ਕਿ ਸਰਕਾਰੀ ਹਾਈ ਸਕੂਲ ਸਸਕੋਰ ਵਿਖੇ ਐਸ.ਐਸ.ਟੀ. ਵਿਸ਼ੇ ਦੇ ਅਧਿਆਪਕ ਹਨ ਵੀ ਨਾਲ ਗਏ ਹੋਏ ਸਨ | ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀ ਮਹੇਸ਼ ਸ਼ਰਮਾ ਨੂੰ ਪੂਰੇ ਪੰਜਾਬ ਵਿਚੋਂ ਦੂਸਰੇ ਸਥਾਨ 'ਤੇ ਆਉਣ ਲਈ ਵਧਾਈ ਦਿੱਤੀ ਅਤੇ ਆਪਣੀਆਂ ਉਪਲਬਧੀਆਂ ਅੱਗੇ ਨੂੰ ਵੀ ਇਸੇ ਤਰ੍ਹਾਂ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਸਵੀਂ ਜਮਾਤ ਵਿਚੋਂ ਪਹਿਲੇ 10 ਟੋਪ ਕਰਨ ਵਾਲੇ ਵਿਦਿਆਰਥੀਆਂ ਨੂੰ ਐਸ.ਓ.ਈ. ਸਕੂਲਾਂ ਵਿਚ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ | ਇਸ ਮੌਕੇ ਮੁੱਖ ਮੰਤਰੀ ਵਲੋਂ ਮਨੀ ਮਹੇਸ਼ ਸ਼ਰਮਾ ਨੂੰ ਭਵਿੱਖ ਵਿਚ ਕੀ ਬਣਨਾ ਹੈ ਬਾਰੇ ਵੀ ਪੁੱਛਿਆ ਗਿਆ ਜਿਸ 'ਤੇ ਮਨੀ ਮਹੇਸ਼ ਸ਼ਰਮਾ ਨੇ ਦੱਸਿਆ ਕਿ ਉਹ ਯ.ੂਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਕੇ ਆਈ.ਪੀ.ਐਸ. ਅਧਿਕਾਰੀ ਬਣਨਾ ਚਾਹੁੰਦਾ ਹੈ | ਇਸ ਮੌਕੇ ਮੁੱਖ ਮੰਤਰੀ ਵਲੋਂ ਮਨੀ ਮਹੇਸ਼ ਸ਼ਰਮਾ ਨੂੰ ਇੱਕ ਯਾਦਗਾਰੀ ਚਿੰਨ੍ਹ, ਇੱਕ 50 ਹਜ਼ਾਰ ਰੁਪਏ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਬਾਅਦ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਭਵਨ ਵਿਖੇ ਦੁਪਹਿਰ ਦਾ ਖਾਣਾ ਵੀ ਪਰੋਸਿਆ ਗਿਆ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਵਿਜੇ ਕੁਮਾਰ ਸ਼ਰਮਾ ਅਤੇ ਉਨ੍ਹਾਂ ਦੀ ਧਰਮ ਪਤਨੀ ਮੋਨਿਕਾ ਸ਼ਰਮਾ ਨੇ ਕਿਹਾ ਕਿ ਆਪਣੇ ਬੇਟੇ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਨਮਾਨਿਤ ਹੁੰਦੇ ਦੇਖ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ ਹੈ | ਦੂਸਰੇ ਪਾਸੇ ਚਨੌਲੀ ਬੱਸੀ ਸਕੂਲ ਦੇ ਪਿ੍ੰਸੀਪਲ ਮੈਡਮ ਸ਼ਰਨਜੀਤ ਕੌਰ ਨੇ ਕਿਹਾ ਕਿ ਸਾਡੇ ਸਕੂਲ ਦੇ ਵਿਦਿਆਰਥੀ ਮਨੀ ਮਹੇਸ਼ ਸ਼ਰਮਾ ਦੀ ਇਹ ਬਹੁਤ ਵੱਡੀ ਉਪਲਬਧੀ ਹੈ, ਜਿਸ ਨੇ ਪੰਜਾਬ ਵਿਚੋਂ ਦੂਸਰੇ ਸਥਾਨ 'ਤੇ ਆ ਕੇ ਆਪਣੇ ਜ਼ਿਲੇ੍ਹ ਇਲਾਕੇ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਨਮਾਨਿਤ ਕਰਨ ਨਾਲ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਦੂਸਰੇ ਵਿਦਿਆਰਥੀਆਂ ਦੇ ਹੌਸਲੇ ਵੀ ਵਧਣਗੇ ਅਤੇ ਉਹ ਵੀ ਇਹ ਉਪਲਬਧੀ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨਗੇ |