ਨੂਰਪੁਰ ਬੇਦੀ, 12 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਅਬਿਆਣਾ ਵਿਖੇ ਸਮੂਹ ਗ੍ਰਾਮ ਪੰਚਾਇਤ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਿੱਧ ਬਾਬਾ ਬਾਲਕ ਨਾਥ ਮੰਦਰ ਵਿਖੇ ਸਾਲਾਨਾ ਮੂਰਤੀ ਸਥਾਪਨਾ ਦਿਵਸ ਬੜੀ ਸ਼ਰਧਾ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਸ਼ਿਵ ਮੰਦਰ ਸਰਥਲੀ ਦੇ ਪ੍ਰਬੰਧਕ ਸਵਾਮੀ ਧੀਰਜ ਗਿਰੀ ਜੀ ਮਹਾਰਾਜ ਨੇ ਆਪਣੇ ਸਤਿਸੰਗ ਪ੍ਰਵਚਨਾਂ ਦੌਰਾਨ ਕਿਹਾ ਕਿ ਮਨੁੱਖੀ ਜੀਵਨ ਦੀ ਸਫਲਤਾ ਪ੍ਰਭੂ ਭਗਤੀ, ਸੇਵਾ ਅਤੇ ਸੱਚੇ ਆਚਰਨ 'ਚ ਹੈ ਤੇ ਧਾਰਮਿਕ ਸਮਾਗਮ ਮਨੁੱਖ ਨੂੰ ਆਪਸੀ ਪ੍ਰੇਮ, ਸਾਂਝ ਦਾ ਸੰਦੇਸ਼ ਦਿੰਦੇ ਹਨ | ਇਸ ਦੌਰਾਨ ਪਿੰਡ ਵਾਸੀਆਂ ਦੇ ਸੱਦੇ 'ਤੇ ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ 'ਚ ਏਕਤਾ, ਭਾਈਚਾਰੇ ਅਤੇ ਆਧਿਆਤਮਿਕ ਚੇਤਨਾ ਨੂੰ ਮਜ਼ਬੂਤ ਕਰਦੇ ਹਨ | ਸਮੂਹ ਸੰਗਤਾਂ ਲਈ ਵਿਸ਼ਾਲ ਲੰਗਰ ਦਾ ਪ੍ਰਬੰਧ ਕੀਤਾ ਗਿਆ | ਪਿੰਡ ਵਾਸੀਆਂ ਅਤੇ ਮੰਦਰ ਪ੍ਰਬੰਧਕ ਕਮੇਟੀ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਜਦਕਿ ਜ਼ਿਲਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸਹਿਤ ਹੋਰਨਾਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ |