ਰੂਪਨਗਰ, 20 ਮਈ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਰੂਪਨਗਰ ਵਿਚ ਸਫ਼ਾਈ ਕਰਮਚਾਰੀਆਂ ਅਤੇ ਹੋਰ ਕਰਮਚਾਰੀਆਂ ਦੇ ਚੱਲ ਰਹੇ ਸੰਘਰਸ਼ ਨੂੰ ਸਮਰਥਨ ਦਿੱਤਾ | ਇਸ ਮੌਕੇ ਉਨ੍ਹਾਂ ਨੇ ਧਰਨੇ ਵਿਚ ਸ਼ਾਮਲ ਹੋ ਕੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਹਮੇਸ਼ਾ ਕਰਮਚਾਰੀਆਂ ਦੇ ਹੱਕਾਂ ਲਈ ਖੜੀ ਰਹੀ ਹੈ ਅਤੇ ਅੱਜ ਵੀ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਆਪਣੇ ਹਰ ਵਾਅਦੇ ਤੋਂ ਮੁੱਕਰ ਗਈ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਦੌਰਾਨ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ, ਪਰ ਅੱਜ ਕਰਮਚਾਰੀ ਆਪਣੇ ਹੱਕਾਂ ਲਈ ਸੜਕਾਂ 'ਤੇ ਧਰਨੇ ਦੇਣ ਲਈ ਮਜਬੂਰ ਹਨ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦਾ ਸ਼ੋਸ਼ਣ ਕਰ ਰਹੀ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਊਟ ਸੋਰਸ ਪ੍ਰਣਾਲੀ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਅਤੇ ਇਸ ਕਾਰਨ ਕਰਮਚਾਰੀਆਂ ਨੂੰ ਨਾ ਤਨਖ਼ਾਹ ਦੀ ਸੁਰੱਖਿਆ ਮਿਲ ਰਹੀ ਹੈ ਅਤੇ ਨਾ ਹੀ ਨੌਕਰੀ ਦੀ ਗਾਰੰਟੀ | ਉਨ੍ਹਾਂ ਕਿਹਾ ਕਿ ਭਿਆਨਕ ਗਰਮੀ ਵਿਚ ਕੋਈ ਵੀ ਵਿਅਕਤੀ ਆਪਣਾ ਕੰਮ ਛੱਡ ਕੇ ਧਰਨੇ 'ਤੇ ਨਹੀਂ ਬੈਠਣਾ ਚਾਹੁੰਦਾ, ਪਰ ਸਰਕਾਰ ਦੀ ਅਣਦੇਖੀ ਕਾਰਨ ਕਰਮਚਾਰੀ ਮਜਬੂਰੀ ਵਿਚ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਪੰਜਾਬ ਸਰਕਾਰ ਨੂੰ ਤੁਰੰਤ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਅਪੀਲ ਕੀਤੀ | ਨਾਲ ਹੀ ਉਨ੍ਹਾਂ ਵਿਸ਼ਵਾਸ ਜਤਾਇਆ ਕਿ 2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਉਸ ਵੇਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਮੇਤ ਉਨ੍ਹਾਂ ਦੇ ਸਾਰੇ ਜਾਇਜ਼ ਹੱਕ ਯਕੀਨੀ ਬਣਾਏ ਜਾਣਗੇ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਨੇ ਅਸ਼ਵਨੀ ਸ਼ਰਮਾ ਦਾ ਰੂਪਨਗਰ ਪਹੁੰਚਣ 'ਤੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਭਾਜਪਾ ਹੀ ਇੱਕਮਾਤਰ ਪਾਰਟੀ ਹੈ ਜੋ ਹਰ ਵਰਗ ਦੇ ਲੋਕਾਂ ਅਤੇ ਕਰਮਚਾਰੀਆਂ ਦੀ ਆਵਾਜ਼ ਬਣ ਕੇ ਖੜੀ ਹੈ | ਇਸ ਦੌਰਾਨ ਸੀਨੀਅਰ ਆਗੂ ਪਰਮਿੰਦਰ ਸਿੰਘ ਬਰਾੜ, ਭਾਜਪਾ ਮੰਡਲ ਪ੍ਰਧਾਨ ਜਗਦੀਸ਼ ਚੰਦਰ ਕਜਲਾ ਅਤੇ ਹੋਰ ਵੀ ਸ਼ਾਮਲ ਸਨ |