ਐੱਸ. ਏ. ਐੱਸ. ਨਗਰ, 25 ਮਈ (ਪ੍ਰੋ. ਅਵਤਾਰ ਸਿੰਘ)- ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰੇ 9 ਵਜੇ ਸਹਿਜ ਪਾਠ ਦੇ ਭੋਗ ਉਪਰੰਤ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਜਤਿੰਦਰ ਸਿੰਘ ਬੈਂਸ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਇਤਿਹਾਸ ਸਰਵਣ ਕਰਵਾਇਆ | ਇਸ ਤੋਂ ਬਾਅਦ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਦਕਿ ਸ਼੍ਰੋਮਣੀ ਪ੍ਰਚਾਰਕ ਭਾਈ ਦਲਬੀਰ ਸਿੰਘ ਤਰਮਾਲਾ ਵਾਲਿਆਂ ਨੇ ਪ੍ਰਵਚਨ ਕੀਤੇ | ਇਸੇ ਦੌਰਾਨ ਭਾਈ ਨਿਕੁਲ ਸਿੰਘ ਦੇਹਰਾਦੂਨ ਵਾਲਿਆਂ, ਬੀਬੀ ਸਰਬਜੀਤ ਕੌਰ ਦੇ ਇੰਟਰਨੈਸ਼ਨਲ ਢਾਡੀ ਜਥੇ, ਭਾਈ ਮਨਜੋਤ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ, ਭਾਈ ਬੂਟਾ ਸਿੰਘ ਪਟਿਆਲਾ ਵਾਲਿਆਂ, ਭਾਈ ਨਿਰਮਲਪ੍ਰੀਤ ਸਿੰਘ ਰਾਜਪੁਰਾ ਵਾਲਿਆਂ, ਭਾਈ ਲਖਵਿੰਦਰ ਸਿੰਘ ਅੰਮਿ੍ਤਸਰ ਵਾਲਿਆਂ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਅਤੇ ਭਾਈ ਦਵਿੰਦਰ ਸਿੰਘ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਹਾਨ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ |