ਖਰੜ, 25 ਮਈ (ਗੁਰਮੁੱਖ ਸਿੰਘ ਮਾਨ)-ਬਡਾਲੀ ਫ਼ੀਡਰ ਤਹਿਤ ਆਉਂਦੇ ਪਿੰਡਾਂ ਨੂੰ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਭਾਰਤੀ ਕਿਸਾਨ ਯੂਨੀਅਨ ਅਤੇ ਖੇਤਰ ਦੇ ਵਸਨੀਕਾਂ ਵਲੋਂ ਪਾਵਰਕਾਮ ਦੇ ਐਕਸੀਅਨ ਨੂੰ ਮੰਗ-ਪੱਤਰ ਸੌਂਪਿਆ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਦੱਸਿਆ ਕਿ ਬਡਾਲੀ ਫ਼ੀਡਰ ਦੀ ਬਿਜਲੀ ਸਪਲਾਈ ਦਾ ਬਹੁਤ ਮਾੜਾ ਹਾਲ ਹੈ ਤੇ ਨੁਕਸ ਪੈਣ 'ਤੇ ਕਈ-ਕਈ ਦਿਨ ਬਿਜਲੀ ਸਪਲਾਈ ਨਾ ਆਉਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਬਜ਼ੀਆਂ ਤੇ ਪਸ਼ੂਆਂ ਦੇ ਚਾਰੇ ਲਈ ਪਾਣੀ ਦੀ ਲੋੜ ਹੁੰਦੀ ਹੈ ਪਰ ਬਿਜਲੀ ਦੀ ਸਪਲਾਈ ਨਾ ਆਉਣ ਕਾਰਨ ਕਿਸਾਨ ਡਾਹਢੇ ਪ੍ਰੇਸ਼ਾਨ ਹਨ | ਉਨ੍ਹਾਂ ਦੱਸਿਆ ਕਿ ਖੇਤਰ 'ਚ ਬਿਜਲੀ ਦੀਆਂ ਤਾਰਾਂ ਦਾ ਬਹੁਤ ਬੁਰਾ ਹਾਲ ਹੈ ਜਿਸ ਕਾਰਨ ਛੇਤੀ ਹੀ ਤਕਨੀਕੀ ਖਰਾਬੀ ਆ ਜਾਂਦੀ ਹੈ | ਇਸ ਤੋਂ ਪਹਿਲਾਂ ਵੀ ਬਿਜਲੀ ਦੀ ਨਾਕਸ ਸਪਲਾਈ ਕਾਰਨ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਸੀ ਪਰ ਉਨ੍ਹਾਂ ਦੀ ਹੁਣ ਤੱਕ ਸੁਣਵਾਈ ਨਹੀਂ ਹੋਈ | ਉਨ੍ਹਾਂ ਕਿਹਾ ਕਿ ਜੇਕਰ ਇਸ ਫ਼ੀਡਰ ਦੀ ਸਪਲਾਈ ਠੀਕ ਨਾ ਹੋਈ ਤਾਂ ਆਉਣ ਵਾਲੇ ਦਿਨਾਂ 'ਚ ਪਾਵਰਕਾਮ ਅਤੇ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਬਿਜਲੀ ਵਿਭਾਗ ਦੀ ਹੋਵੇਗੀ | ਇਸ ਮੌਕੇ ਇੰਦਰਜੀਤ ਸਿੰਘ, ਸੰਜੀਵ ਰੂਬੀ, ਸ਼ਿਵ ਕੁਮਾਰ ਪਿੰਕੀ, ਸੁਖਦੇਵ ਸ਼ਰਮਾ, ਹਨੀ ਭਿੰਦਾ ਤੇ ਸੰਦੀਪ ਰਾਣਾ ਸਮੇਤ ਹੋਰ ਇਲਾਕਾ ਨਿਵਾਸੀ ਵੀ ਹਾਜ਼ਰ ਸਨ |