ਨੂਰਪੁਰ ਬੇਦੀ 25 ਮਈ (ਵਿੰਦਰਪਾਲ ਝਾਂਡੀਆਂ)- ਆਰ.ਐਮ.ਪੀ.ਆਈ. ਵਲੋਂ ਲੋਕ ਮੁੱਦਿਆਂ ਨੂੰ ਲੈ ਕੇ ਸ਼ੁਰੂ ਕੀਤੀ ਗਈ 'ਲੋਕਾਂ ਕੋਲ ਚੱਲੋ' ਮੁਹਿੰਮ ਤਹਿਤ ਅੱਜ ਪਿੰਡ ਕੱਟਾ ਸਬੌਰ, ਹਿਆਤਪੁਰ ਤੇ ਸਊਪੁਰ ਵਿਖੇ ਮੀਟਿੰਗਾਂ ਕੀਤੀਆਂ ਗਈਆਂ | ਇਨ੍ਹਾਂ ਮੀਟਿੰਗਾਂ ਦੌਰਾਨ ਵੱਡੀ ਗਿਣਤੀ 'ਚ ਇਕੱਤਰ ਹੋਏ ਲੋਕਾਂ ਨੂੰ ਪਾਰਟੀ ਦੇ ਜ਼ਿਲ੍ਹਾ ਸਕੱਤਰ ਮੋਹਨ ਸਿੰਘ ਧਮਾਣਾ, ਅਮਰੀਕ ਸਿੰਘ ਸਮੀਰੋਵਾਲ, ਅਵਤਾਰ ਸਿੰਘ ਮੂਸਾਪੁਰ ਤੇ ਯੋਗਰਾਜ ਧਾਦਲੀ ਨੇ ਸੰਬੋਧਨ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਤਿੱਖੀ ਆਲੋਚਨਾ ਕੀਤੀ | ਮੋਹਨ ਸਿੰਘ ਧਮਾਣਾ ਨੇ ਕਿਹਾ ਕਿ ਦੇਸ਼ ਵਿਚ ਲਗਾਤਾਰ ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ ਦੀ ਜ਼ਿੰਦਗੀ ਮੁਸ਼ਕਿਲ ਬਣਾ ਦਿੱਤੀ ਹੈ | ਰੋਜ਼ਾਨਾ ਵਰਤੋਂ ਵਾਲੀਆਂ ਵਸਤੂਆਂ, ਬਿਜਲੀ, ਪੈਟਰੋਲ ਤੇ ਰਸੋਈ ਗੈਸ ਦੇ ਰੇਟਾਂ ਵਿਚ ਹੋ ਰਹੇ ਵਾਧੇ ਕਾਰਨ ਗਰੀਬ ਤੇ ਮੱਧ ਵਰਗ ਦੀ ਆਰਥਿਕ ਹਾਲਤ ਕਮਜ਼ੋਰ ਹੋ ਰਹੀ ਹੈ | ਅਮਰੀਕ ਸਿੰਘ ਸਮੀਰੋਵਾਲ ਨੇ ਕਿਹਾ ਕਿ ਪੰਜਾਬ ਵਿਚ ਨੌਜਵਾਨ ਬੇਰੁਜ਼ਗਾਰੀ ਕਾਰਨ ਨਿਰਾਸ਼ਾ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਚੋਣਾਂ ਸਮੇਂ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ | ਅਵਤਾਰ ਸਿੰਘ ਮੂਸਾਪੁਰ ਨੇ ਕਿਹਾ ਕਿ ਕਿਸਾਨ, ਮਜ਼ਦੂਰ ਤੇ ਛੋਟੇ ਕਾਰੋਬਾਰੀ ਅੱਜ ਸਭ ਤੋਂ ਵੱਧ ਪਰੇਸ਼ਾਨ ਹਨ | ਉਨ੍ਹਾਂ ਕਿਹਾ ਕਿ ਖੇਤੀਬਾੜੀ ਨਾਲ ਜੁੜੀਆਂ ਵਸਤੂਆਂ ਦੀਆਂ ਕੀਮਤਾਂ 'ਚ ਵਾਧਾ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਵਾਜਬ ਮੁੱਲ ਨਹੀਂ ਮਿਲ ਰਿਹਾ | ਯੋਗਰਾਜ ਧਾਦਲੀ ਨੇ ਕਿਹਾ ਕਿ ਆਰ.ਐਮ.ਪੀ.ਆਈ. ਦੀ 'ਲੋਕਾਂ ਕੋਲ ਚੱਲੋ' ਮੁਹਿੰਮ ਦਾ ਮੁੱਖ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਿੰਡ ਪੱਧਰ 'ਤੇ ਸੁਣਨਾ ਤੇ ਉਨ੍ਹਾਂ ਨੂੰ ਹੱਲ ਕਰਨ ਲਈ ਸੰਘਰਸ਼ ਨੂੰ ਮਜ਼ਬੂਤ ਕਰਨਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਆਮ ਲੋਕਾਂ ਦੀ ਆਵਾਜ਼ ਬਣ ਕੇ ਸੰਘਰਸ਼ ਕਰਦੀ ਰਹੀ ਹੈ ਤੇ ਅੱਗੇ ਵੀ ਲੋਕ ਹੱਕਾਂ ਲਈ ਲੜਾਈ ਜਾਰੀ ਰਹੇਗੀ |