ਰੂਪਨਗਰ, 25 ਮਈ (ਯਸ਼ਵੰਤ ਬੱਸੀ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਸਰਕਾਰੀ ਦਫ਼ਤਰਾਂ ਦੇ ਸਮੇਂ ਵਿਚ ਕੀਤੀ ਗਈ ਤਬਦੀਲੀ ਤਹਿਤ ਲੋਕਾਂ ਨੂੰ ਸਵੇਰੇ 7:30 ਵਜੇ ਤੋਂ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਅੱਜ ਮਿੰਨੀ ਸਕੱਤਰੇਤ ਸਥਿਤ ਵੱਖ-ਵੱਖ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ | ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦਫ਼ਤਰਾਂ ਵਿਚ ਕਰਮਚਾਰੀਆਂ ਦੀ ਹਾਜ਼ਰੀ, ਲੋਕਾਂ ਲਈ ਕੀਤੇ ਗਏ ਪ੍ਰਬੰਧਾਂ ਤੇ ਸਰਕਾਰੀ ਕੰਮਕਾਜ ਦੀ ਸਥਿਤੀ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ ਤੇ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਰਮੀ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਸਰਕਾਰ ਵਲੋਂ ਦਫ਼ਤਰਾਂ ਦੇ ਸਮੇਂ ਵਿਚ ਕੀਤੀ ਗਈ ਤਬਦੀਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਸਵੇਰੇ ਦੇ ਸਮੇਂ ਦੌਰਾਨ ਹੀ ਸਹੂਲਤਾਂ ਉਪਲਬਧ ਕਰਵਾਉਣਾ ਹੈ ਤਾਂ ਜੋ ਉਹ ਤਿੱਖੀ ਧੁੱਪ ਤੇ ਗਰਮੀ ਤੋਂ ਬਚ ਸਕਣ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਦਫ਼ਤਰ ਵਿਚ ਸਮੇਂ ਸਿਰ ਕੰਮਕਾਜ ਸ਼ੁਰੂ ਹੋਵੇ ਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਨਿਪਟਾਏ ਜਾਣ | ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਜੋ ਅਧਿਕਾਰੀ ਜਾਂ ਕਰਮਚਾਰੀ ਬਿਨਾਂ ਮਨਜ਼ੂਰੀ ਗੈਰ-ਹਾਜ਼ਰ ਪਾਏ ਜਾਣਗੇ ਜਾਂ ਡਿਊਟੀ ਪ੍ਰਤੀ ਲਾਪਰਵਾਹੀ ਵਰਤਣਗੇ, ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਦਫ਼ਤਰ ਵਿਚ ਲਾਪਰਵਾਹੀ ਜਾਂ ਹਦਾਇਤਾਂ ਦੀ ਉਲੰਘਣਾ ਪਾਈ ਗਈ ਤਾਂ ਸੰਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਲੋਕ-ਹਿੱਤ ਨੂੰ ਪਹਿਲ ਦੇਣ ਤੇ ਸਰਕਾਰੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਤੇ ਇਮਾਨਦਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਦੀ ਅਪੀਲ ਕੀਤੀ |