ਸ੍ਰੀ ਅਨੰਦਪੁਰ ਸਾਹਿਬ, 26 ਮਈ (ਕਰਨੈਲ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਨੰਗਲ ਦੇ ਨਗਰ ਖੇਤਰਾਂ ਦੇ ਵੋਟਰਾਂ ਦਾ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਲੋਕਾਂ ਦੀ ਸਮਝਦਾਰੀ ਅਤੇ ਸਹਿਯੋਗ ਨਾਲ ਸਥਾਨਕ ਸਰਕਾਰਾਂ ਦੀਆਂ ਚੋਣਾਂ ਬਿਲਕੁਲ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋਈਆਂ ਹਨ | ਉਨ੍ਹਾਂ ਕਿਹਾ ਕਿ ਵੋਟਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲੈ ਕੇ ਲੋਕਤੰਤਰਿਕ ਪ੍ਰਕਿਰਿਆ ਨੂੰ ਮਜ਼ਬੂਤੀ ਦਿੱਤੀ ਹੈ ਅਤੇ ਵੋਟਿੰਗ ਦੌਰਾਨ ਅਮਨ, ਏਕਤਾ ਅਤੇ ਭਾਈਚਾਰੇ ਦੀ ਸ਼ਾਨਦਾਰ ਮਿਸਾਲ ਪੇਸ਼ ਕੀਤੀ ਹੈ | ਮੰਤਰੀ ਨੇ ਇਸ ਗੱਲ 'ਤੇ ਸੰਤੋਖ ਜਤਾਇਆ ਕਿ ਚੋਣਾਂ ਬਿਨਾਂ ਕਿਸੇ ਵਿਘਨ ਦੇ ਸੁਚੱਜੇ ਢੰਗ ਨਾਲ ਹੋਈਆਂ, ਜੋ ਕਿ ਇਲਾਕੇ ਦੇ ਲੋਕਾਂ ਦੇ ਉੱਚੇ ਲੋਕਤੰਤਰਕ ਜਜ਼ਬੇ ਨੂੰ ਦਰਸਾਉਂਦਾ ਹੈ | ਕੈਬਨਿਟ ਮੰਤਰੀ ਨੇ ਇਸ ਮੌਕੇ 'ਤੇ ਜ਼ਿਲ੍ਹਾ ਪ੍ਰਸ਼ਾਸਨ, ਚੋਣ ਅਮਲੇ, ਸੁਰੱਖਿਆ ਬਲਾਂ ਅਤੇ ਸਾਰੇ ਅਧਿਕਾਰੀਆਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੀਆਂ ਡਿਊਟੀਆਂ ਨਿਭਾਉਂਦੇ ਹੋਏ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਇਆ | ਉਨ੍ਹਾਂ ਨੇ ਚੋਣੀ ਟੀਮਾਂ ਦੀ ਅਣਥੱਕ ਮਿਹਨਤ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਧਿਕਾਰੀਆਂ ਨੇ ਦਿਨ-ਰਾਤ ਕੰਮ ਕਰਕੇ ਚੋਣ ਪ੍ਰਕਿਰਿਆ ਨੂੰ ਸਫਲ ਬਣਾਇਆ ਹੈ | ਉਨ੍ਹਾਂ ਨੇ ਕਿਹਾ ਕਿ ਹਰ ਅਧਿਕਾਰੀ ਅਤੇ ਕਰਮਚਾਰੀ ਸਨਮਾਨ ਦੇ ਯੋਗ ਹੈ, ਜਿਸ ਨੇ ਨਿਸ਼ਕਾਮ ਭਾਵ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ ਅਤੇ ਲੋਕਤੰਤਰਿਕ ਪ੍ਰਕਿਰਿਆ ਨੂੰ ਮਜ਼ਬੂਤ ਕੀਤਾ | ਉਨ੍ਹਾਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੇ 13 'ਚੋਂ 12 ਵਾਰਡਾਂ, ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ 11 ਵਾਰਡਾਂ ਅਤੇ ਨਗਰ ਕੌਂਸਲ ਨੰਗਲ ਦੇ 19 ਵਾਰਡਾਂ 'ਚ ਵੋਟਿੰਗ ਹੋਈ | ਅੰਤ 'ਚ ਉਨ੍ਹਾਂ ਨੇ ਲੋਕਾਂ ਨੂੰ ਸਰਗਰਮ ਭਾਗੀਦਾਰੀ ਲਈ ਵਧਾਈ ਦਿੰਦਿਆਂ ਹਲਕੇ ਦੇ ਵਿਕਾਸ ਅਤੇ ਭਲਾਈ ਲਈ ਆਪਣੀ ਵਚਨਬੱਧਤਾ ਦੁਹਰਾਈ |