ਨੂਰਪੁਰ ਬੇਦੀ, 26 ਮਈ (ਰਾਜੇਸ਼ ਚੌਧਰੀ ਤਖਤਗੜ੍ਹ)-ਆਰ.ਐਮ.ਪੀ.ਆਈ. ਵਲੋਂ ਚਲਾਈ ਜਾ ਰਹੀ 'ਲੋਕਾਂ ਕੋਲ ਚਲੋ' ਮੁਹਿੰਮ ਤਹਿਤ ਪਿੰਡ ਧਮਾਣਾਂ ਵਿਖੇ ਇੱਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ, ਜਿਸ ਦੌਰਾਨ ਪਾਰਟੀ ਆਗੂਆਂ ਨੇ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਮੌਜੂਦਾ ਸਮੇਂ ਦੇ ਲੋਕ ਮੁੱਦਿਆਂ, ਮਹਿੰਗਾਈ, ਬੇਰੁਜ਼ਗਾਰੀ ਅਤੇ ਸਰਕਾਰ ਦੀਆਂ ਨੀਤੀਆਂ ਬਾਰੇ ਵਿਚਾਰ ਸਾਂਝੇ ਕੀਤੇ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ, ਨੌਜਵਾਨਾਂ ਅਤੇ ਮਹਿਲਾਵਾਂ ਨੇ ਹਾਜ਼ਰੀ ਭਰੀ | ਇਸ ਮੌਕੇ ਸੰਬੋਧਨ ਕਰਦਿਆਂ ਆਰ.ਐਮ.ਪੀ.ਆਈ. ਦੇ ਆਗੂ ਮੋਹਣ ਸਿੰਘ ਸੈਣੀ, ਮਹਿੰਦਰ ਸਿੰਘ ਰੰਧਾਵਾ ਅਤੇ ਮੋਹਣ ਸਿੰਘ ਧਮਾਣਾਂ ਨੇ ਕਿਹਾ ਕਿ ਅੱਜ ਆਮ ਲੋਕ ਮਹਿੰਗਾਈ ਦੀ ਮਾਰ ਹੇਠ ਪੀੜਤ ਹਨ, ਜਦਕਿ ਸਰਕਾਰਾਂ ਲੋਕ ਭਲਾਈ ਦੀ ਬਜਾਏ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਵਾਲੀਆਂ ਨੀਤੀਆਂ ਲਾਗੂ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਰੋਜ਼ਮਰਾ ਦੀਆਂ ਲੋੜੀਂਦੀਆਂ ਵਸਤੂਆਂ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਕਾਰਨ ਮੱਧਵਰਗੀ ਅਤੇ ਗ਼ਰੀਬ ਪਰਿਵਾਰਾਂ ਲਈ ਘਰੇਲੂ ਖ਼ਰਚ ਚਲਾਉਣਾ ਮੁਸ਼ਕਲ ਹੋ ਗਿਆ ਹੈ | ਆਗੂਆਂ ਨੇ ਕਿਹਾ ਕਿ ਪੰਜਾਬ ਸਮੇਤ ਦੇਸ਼ ਭਰ ਵਿਚ ਬੇਰੁਜ਼ਗਾਰੀ ਵੱਡੀ ਸਮੱਸਿਆ ਬਣ ਚੁੱਕੀ ਹੈ | ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਮਿਲ ਰਿਹਾ, ਜਿਸ ਕਾਰਨ ਨੌਜਵਾਨ ਪੀੜ੍ਹੀ ਨਿਰਾਸ਼ਾ ਵੱਲ ਧੱਕੀ ਜਾ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ ਅਤੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |