ਨੂਰਪੁਰ ਬੇਦੀ, 30 ਮਈ (ਰਾਜੇਸ਼ ਚੌਧਰੀ ਤਖਤਗੜ੍ਹ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਂਗੜ ਵਿਖੇ ਪਿ੍ੰ. ਪਾਖਰ ਸਿੰਘ ਦੀ ਅਗਵਾਈ ਹੇਠ ਮੈਗਾ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ | ਇਸ ਮੌਕੇ ਗ੍ਰਾਮ ਪੰਚਾਇਤ ਕਾਂਗੜ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ | ਪ੍ਰੋਗਰਾਮ ਦੌਰਾਨ ਪਿ੍ੰਸੀਪਲ ਨੇ ਹਾਜ਼ਰ ਮਾਪਿਆਂ ਅਤੇ ਪਤਵੰਤਿਆਂ ਦਾ ਸਵਾਗਤ ਕਰਦਿਆਂ ਸਕੂਲ ਦੀਆਂ ਵਿੱਦਿਅਕ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਪ੍ਰਗਤੀ ਸਬੰਧੀ ਜਾਣੂ ਕਰਵਾਉਂਦਿਆਂ ਸਿੱਖਿਆ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਅਤੇ ਸਕੂਲ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਵਾਰੇ ਦੱਸਿਆ | ਮਿਲਣੀ ਦੌਰਾਨ ਅਧਿਆਪਕਾਂ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਸਬੰਧੀ ਵਿਅਕਤੀਗਤ ਤੌਰ 'ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੀਆਂ ਸਿੱਖਿਅਕ ਪ੍ਰਾਪਤੀਆਂ ਤੇ ਸੁਧਾਰ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ | ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ 'ਤੇ ਨਿਰੰਤਰ ਨਿਗਰਾਨੀ ਰੱਖਣ ਲਈ ਵੀ ਅਪੀਲ ਕੀਤੀ ਗਈ | ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼, ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮੋਹਨ ਲਾਲ ਜੱਗਾ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |