ਬੇਲਾ, 31 ਮਈ (ਮਨਜੀਤ ਸਿੰਘ ਸੈਣੀ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਕੂਲ ਇੰਚਾਰਜ ਮੈਡਮ ਅਮਨ ਸੂਦਨ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਸੰਵਾਦ ਕਰਦਿਆਂ ਉਨ੍ਹਾਂ ਨੂੰ ਬੱਚਿਆਂ ਦੀ ਪੜ੍ਹਾਈ ਨਾਲ ਸੰਬੰਧਿਤ ਪ੍ਰਗਤੀ ਤੇ ਸਕੂਲ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਮਾਪਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਲਈ ਦਿੱਤੇ ਗਏ ਘਰ ਦਾ ਕੰਮ ਤੇ ਰੋਜ਼ਾਨਾ ਅਧਿਐਨ ਦੀ ਮਹੱਤਤਾ ਬਾਰੇ ਦੱਸਦਿਆਂ ਬੱਚਿਆਂ ਦੀ ਪੜ੍ਹਾਈ ਪ੍ਰਤੀ ਨਿਰੰਤਰ ਨਿਗਰਾਨੀ ਰੱਖਣ ਲਈ ਪ੍ਰੇਰਿਤ ਕੀਤਾ | ਇਸ ਦੇ ਨਾਲ ਹੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮਾਪਿਆਂ ਤੇ ਅਧਿਆਪਕਾਂ ਵਿਚਕਾਰ ਤਾਲਮੇਲ ਨੂੰ ਬਹੁਤ ਜ਼ਰੂਰੀ ਦੱਸਿਆ ਗਿਆ | ਇਸ ਮੌਕੇ ਪਿੰਡ ਦੇ ਸਰਪੰਚ ਸੁਲੱਖਣ ਸਿੰਘ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਮਿਹਨਤ, ਅਨੁਸ਼ਾਸਨ, ਮਾਪਿਆਂ, ਅਧਿਆਪਕਾਂ, ਵੱਡਿਆਂ ਦਾ ਸਤਿਕਾਰ ਕਰਨ ਤੇ ਚੰਗੇ ਸੰਸਕਾਰ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪੰਚਾਇਤ ਮੈਂਬਰ ਸਤਨਾਮ ਸਿੰਘ, ਸੁਦਾਗਰ ਸਿੰਘ ਰੰਗਕਰਮੀ, ਕੈਪਟਨ ਜਸਪਾਲ ਸਿੰਘ, ਸਕੂਲ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |