ਕਾਹਨਪੁਰ ਖੂਹੀ, 1 ਜੂਨ (ਗੁਰਬੀਰ ਸਿੰਘ ਵਾਲੀਆ)- ਸਿਹਤ ਵਿਭਾਗ ਪੰਜਾਬ ਦੀ ਸਿਰਮੌਰ ਜਥੇਬੰਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਕੇਡਰ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਨਾ ਮੰਨਣ ਦੇ ਰੋਸ ਵੱਜੋਂ ਸੂਬਾ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕਰ ਦਿੱਤਾ ਹੈ, ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਸੂਬਾਈ ਕਮੇਟੀ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਬੈਂਸ ਦੱਸਿਆ ਕਿ ਜਥੇਬੰਦੀ ਪਿਛਲੇ ਲੰਬੇ ਸਮੇਂ ਤੋਂ ਕੇਡਰ ਦੇ ਨਾਮ ਬਦਲੀ,ਵਰਦੀ ਭੱਤਾ, ਐਫ.ਟੀ.ਏ., ਡਾਈਟ, ਭੱਤਾ ਲਗਾਉਣ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੰਜਾਬ ਸਕੇਲ ਲਾਗੂ ਕਰਨ, ਨਵ ਨਿਯੁਕਤ ਸਿਹਤ ਕਾਮਿਆਂ ਦਾ ਪਰਖ ਕਾਲ ਸਮਾਂ ਘਟਾਉਣ, ਹਾਈਕੋਰਟ ਦੇ ਫੈਸਲੇ ਨੂੰ ਜਰਨਾਲਾਈਜ਼ ਕਰਕੇ ਤਨਖਾਹ ਸਕੇਲ ਸੋਧਣ ਸੰਬੰਧੀ, ਸਮੇਤ ਕਈ ਮੰਗਾਂ ਲਈ ਸਿਹਤ ਮੰਤਰੀ ਪੰਜਾਬ, ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਤੇ ਸਿਹਤ ਡਾਇਰੈਕਟਰ ਪੰਜਾਬ ਨਾਲ ਕਈ ਵਾਰ ਮੀਟਿੰਗਾਂ ਕਰ ਚੁੱਕੀ ਹੈ ਪਰ ਵਾਰ-ਵਾਰ ਇਹਨਾਂ ਮੰਗਾਂ 'ਤੇ ਸਹਿਮਤੀ ਪ੍ਰਗਟਾਉਂਦੇ ਹੋਏ ਫਿਰ ਮੰਗਾਂ ਨੂੰ ਲਟਕਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ, ਜੋ ਮੰਦਭਾਗੀ ਹੈ | ਉਨ੍ਹਾਂ ਨੇ ਕਿਹਾ ਕਿ ਜਥੇਬੰਦੀ ਹੁਣ ਵੱਡੇ ਸੰਘਰਸ਼ ਦੇ ਰਾਹ ਵਿਚ ਹੈ ਤੇ ਜਿਸ ਤਹਿਤ ਜ਼ਿਲ੍ਹਾ ਹੈੱਡਕੁਆਰਟਰਾਂ ਰਾਹੀਂ ਮੰਗ ਪੱਤਰ ਭੇਜੇ ਗਏ ਹਨ ਤੇ ਇਸ ਦੇ ਨਾਲ ਹੀ 4 ਜੂਨ ਨੂੰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਧਰਨੇ ਸੰਬੰਧੀ ਸਾਥੀਆਂ ਦੀ ਲਾਮਬੰਦੀ ਕੀਤੀ ਜਾ ਚੁੱਕੀ ਹੈ ਤੇ ਵੱਡੀ ਗਿਣਤੀ 'ਚ ਸਾਥੀ ਧਰਨੇ 'ਚ ਭਾਗ ਲੈਣਗੇ |