ਨੂਰਪੁਰ ਬੇਦੀ, 1 ਜੂਨ (ਰਾਜੇਸ਼ ਚੌਧਰੀ ਤਖਤਗੜ)-ਨੂਰਪੁਰ ਬੇਦੀ ਖੇਤਰ ਵਿਚ ਬੀਤੀ ਤੜਕਸਾਰ ਇੱਕ ਬੰਦ ਦੁਕਾਨ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਕੀਤੀ ਗਈ ਫਾਇਰਿੰਗ ਦੀ ਘਟਨਾ ਨੂੰ ਲੈ ਕੇ ਸਥਾਨਕ ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਰਮਜ਼ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਦੱਸਣਯੋਗ ਹੈ ਕਿ ਬੀਤੀ ਤੜਕਸਾਰ ਕੁਝ ਅਣਪਛਾਤੇ ਹਮਲਾਵਰਾਂ ਨੇ ਨੂਰਪੁਰ ਬੇਦੀ ਵਿਖੇ ਇੱਕ ਸਕੈਨ ਸੈਂਟਰ ਜੋ ਕਿ ਪਿਛਲੇ ਕੱੁਝ ਦਿਨਾਂ ਤੋਂ ਬੰਦ ਕਰ ਦਿੱਤਾ ਗਿਆ ਸੀ, ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਆਂ ਚਲਾਈਆਂ ਗਈਆਂ | ਫਾਇਰਿੰਗ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ | ਗੋਲੀਆਂ ਦੀਆਂ ਆਵਾਜ਼ਾਂ ਸੁਣ ਕੇ ਆਸ-ਪਾਸ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ | ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ | ਪੁਲਿਸ ਵਲੋਂ ਮੌਕੇ ਤੋਂ ਅਹਿਮ ਸਬੂਤ ਇਕੱਠੇ ਕੀਤੇ ਗਏ | ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਲਾਕਾ ਨਿਵਾਸੀਆਂ ਵਿਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਮੁੱਖ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ | ਉਨਾਂ ਕਿਹਾ ਕਿ ਘਟਨਾ ਨਾਲ ਜੁੜੇ ਹਰੇਕ ਪੱਖ ਦੀ ਬਾਰੀਕੀ ਨਾਲ ਪੜਤਾਲ ਕਰਕੇ ਸ਼ੱਕੀ ਵਿਅਕਤੀਆਂ ਦੀ ਪਛਾਣ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ | ਥਾਣਾ ਮੁਖੀ ਨੇ ਦੱਸਿਆ ਕਿ ਹਮਲਾਵਰਾਂ ਦੀ ਗਿ੍ਫ਼ਤਾਰੀ ਲਈ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕਰਕੇ ਸੰਭਾਵਿਤ ਥਾਵਾਂ 'ਤੇ ਭੇਜਿਆ ਗਿਆ ਹੈ | ਇਸ ਤੋਂ ਇਲਾਵਾ ਹੋਰ ਸੂਤਰਾਂ ਦੀ ਮਦਦ ਨਾਲ ਵੀ ਜਾਂਚ ਅੱਗੇ ਵਧਾਈ ਜਾ ਰਹੀ ਹੈ | ਉਨਾਂ ਦਾਅਵਾ ਕੀਤਾ ਕਿ ਪੁਲਿਸ ਨੂੰ ਕੁਝ ਅਹਿਮ ਸੁਰਾਗ ਮਿਲੇ ਹਨ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ | ਇਲਾਕੇ ਦੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਗਿ੍ਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਬਰਕਰਾਰ ਰਹੇ ਅਤੇ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ |