ਨੂਰਪੁਰ ਬੇਦੀ, 1 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਈ ਗਈ ਤੰਬਾਕੂ ਵਿਰੋਧੀ ਸਾਈਕਲ ਰੈਲੀ ਵਿਚ ਸਾਈਕਲ ਐਸੋਸੀਏਸ਼ਨ ਨੂਰਪੁਰ ਬੇਦੀ ਦੇ ਸਮੂਹ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ | ਰੈਲੀ ਦਾ ਉਦੇਸ਼ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ | ਸਾਈਕਲ ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਤੰਬਾਕੂ ਮਨੁੱਖੀ ਸਿਹਤ ਲਈ ਬਹੁਤ ਘਾਤਕ ਹੈ ਤੇ ਇਸ ਕਾਰਨ ਕੈਂਸਰ, ਦਿਲ ਦੀਆਂ ਬਿਮਾਰੀਆਂ ਤੇ ਸਾਹ ਨਾਲ ਸੰਬੰਧਿਤ ਕਈ ਗੰਭੀਰ ਰੋਗ ਪੈਦਾ ਹੋ ਸਕਦੇ ਹਨ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਤੇ ਸਾਈਕਲਿੰਗ ਵਰਗੀਆਂ ਸਿਹਤਮੰਦ ਗਤੀਵਿਧੀਆਂ ਨਾਲ ਜੋੜ ਕੇ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸਾਈਕਲਿੰਗ ਨਾ ਸਿਰਫ਼ ਸਰੀਰਕ ਤੰਦਰੁਸਤੀ ਲਈ ਲਾਭਦਾਇਕ ਹੈ, ਸਗੋਂ ਵਾਤਾਵਰਣ ਸੰਭਾਲ ਵਿਚ ਵੀ ਅਹਿਮ ਯੋਗਦਾਨ ਪਾਉਂਦੀ ਹੈ | ਇਸ ਤਰ੍ਹਾਂ ਦੀਆਂ ਜਾਗਰੂਕਤਾ ਮੁਹਿੰਮਾਂ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਲਈ ਬਹੁਤ ਮਹੱਤਵਪੂਰਨ ਹਨ ਤੇ ਹਰ ਵਿਅਕਤੀ ਨੂੰ ਇਨ੍ਹਾਂ 'ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਸਟੱਡੀ ਸਰਕਲ ਵਲੋਂ ਸਾਈਕਲ ਐਸੋਸੀਏਸ਼ਨ ਨੂਰਪੁਰ ਬੇਦੀ ਦੇ ਮੈਂਬਰਾਂ ਨੂੰ ਪੀ ਸ਼ਰਟਾਂ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਜੀਵ ਮੋਠਾਪਰ, ਤਜਿੰਦਰ ਪਾਲ ਸਿੰਘ ਬੜਵਾ, ਦਲਵਿੰਦਰ ਸਿੰਘ ਸਮੀਰੋਵਾਲ ਅਤੇ ਸਾਈਕਲ ਐਸੋਸੀਏਸ਼ਨ ਨੂਰਪੁਰ ਬੇਦੀ ਦੇ ਹੋਰ ਮੈਂਬਰ ਹਾਜ਼ਰ ਸਨ |