ਨੂਰਪੁਰ ਬੇਦੀ, 5 ਜੂਨ (ਵਿੰਦਰਪਾਲ ਝਾਂਡੀਆਂ)- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਜ਼ਿਲਾ ਰੂਪਨਗਰ ਦੇ ਪ੍ਰਧਾਨ ਜਗਮੋਹਨ ਸਿੰਘ ਚੌਂਤਾ ਨੇ ਕਿਹਾ ਕਿ ਅੱਜ ਬੇਰੁਜ਼ਗਾਰ ਅਪ੍ਰੈਂਟਸ਼ਿਪ ਲਾਈਨਮੈਨ ਵਲੋਂ ਰੁਜ਼ਗਾਰ ਮੰਗਣ ਲਈ ਪਟਿਆਲਾ ਵਿਖੇ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਸੀ ਪਰ ਪੁਲਿਸ ਪ੍ਰਸ਼ਾਸਨ ਨੇ ਧਰਨਾਕਾਰੀਆਂ ਉੱਪਰ ਅੰਨੇਵਾਹ ਤਸ਼ੱਦਦ ਕੀਤਾ ਗਿਆ ਜਿਸ ਦੀ ਗੌਰਮੈਂਟ ਸਕੂਲ ਟੀਚਰਜ਼ ਯੂਨੀਅਨ ਵੱਲੋਂ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਉਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਸ਼ਲ ਮੀਡੀਆ 'ਤੇ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਅਸੀਂ 65,000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਹੈ ਪਰ ਜ਼ਮੀਨੀ ਹਕੀਕਤ ਕੋਹਾਂ ਦੂਰ ਹੈ | ਉਨਾਂ ਕਿਹਾ ਬੇਰੁਜ਼ਗਾਰ ਲਾਈਨਮੈਨ ਜੋ ਆਪਣਾ ਹੱਕ ਮੰਗ ਰਹੇ ਸੀ ਤਾਂ ਪੁਲਿਸ ਵੱਲੋਂ ਅੰਨੇਵਾਹ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਜਿਸ ਨਾਲ ਪੰਜਾਬ ਸਰਕਾਰ ਦਾ ਅਸਲੀ ਚਿਹਰਾ ਬੇਨਕਾਬ ਹੋਇਆ ਹੈ | ਗੌਰਮੈਂਟ ਸਕੂਲ ਟੀਚਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਜਗਮੋਹਨ ਸਿੰਘ ਚੌਂਤਾ ਸਮੇਤ ਕਨਵੀਨਰ ਮਨਦੀਪ ਕੁਮਾਰ, ਸਕੱਤਰ ਹਰਦੀਪ ਸਿੰਘ ਔਲਖ, ਜਥੇਬੰਦਕ ਸਕੱਤਰ ਗੁਰਿੰਦਰ ਸਿੰਘ ਬੜਾ ਪਿੰਡ ਨੇ ਵੀ ਸਾਂਝਾ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਦੀ ਬੇਰੁਜ਼ਗਾਰਾਂ 'ਤੇ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦੀ ਹੈ |