ਰੂਪਨਗਰ, 11 ਜੂਨ (ਗੁਰਪ੍ਰੀਤ ਸਿੰਘ ਹੁੰਦਲ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਬਾਰ ਕੌਂਸਲ ਰੋਪੜ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਰਿੰਦਰਪ੍ਰੀਤ ਸਿੰਘ ਬਾਵਾ ਨੇ ਕਿਹਾ ਕਿ ਸੂਬੇ ਭਰ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਚੱਲ ਰਹੇ ਸੰਘਰਸ਼ ਦਾ ਮੁੱਖ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਹਨ | ਐਡਵੋਕੇਟ ਬਾਵਾ ਨੇ ਕਿਹਾ ਕਿ ਮੁੱਖ ਮੰਤਰੀ ਕੋਲ ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਨੂੰ ਹੱਲ ਕਰਨ ਦਾ ਕੋਈ ਵਿਜ਼ਨ ਨਹੀਂ ਹੈ ਜਿਸ ਕਾਰਨ ਮੁਲਾਜ਼ਮ ਜਥੇਬੰਦੀਆਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਕੋਈ ਏਜੰਡਾ ਤਿਆਰ ਨਹੀਂ ਕਰ ਸਕੇ ਹਨ ਤੇ ਉਨ੍ਹਾਂ ਦੀ ਕਾਰਗੁਜ਼ਾਰੀ ਫ਼ੇਲ੍ਹ ਹੋਈ ਹੈ | ਉਨ੍ਹਾਂ ਕਿਹਾ ਕਿ ਜਦੋਂ ਮਾਨ ਪਹਿਲੀ ਵਾਰ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਮੌਕੇ ਸਿਵਲ ਸਕੱਤਰ ਚੰਡੀਗੜ੍ਹ ਵਿਖੇ ਪਹੁੰਚੇ ਸਨ ਤਾਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਫੁੱਲਾਂ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ ਸੀ ਤੇ ਮੁਲਾਜ਼ਮਾਂ ਨੂੰ ਵੱਡੀ ਉਮੀਦ ਸੀ ਕਿ ਆਮ ਘਰਾਂ ਤੋਂ ਹੀ ਉੱਠਿਆ ਆਗੂ ਉਨ੍ਹਾਂ ਦੀਆਂ ਮੰਗਾਂ ਨੂੰ ਜ਼ਰੂਰ ਹੱਲ ਕਰੇਗਾ ਪਰ ਹੋਇਆ ਇਸ ਦੇ ਉਲਟ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਮੁਲਾਜ਼ਮ ਵਰਗ ਨੂੰ ਹੀ ਭੁੱਲਾ ਦਿੱਤਾ ਜਿਸ ਕਾਰਨ ਮੁਲਾਜ਼ਮਾਂ ਨੂੰ ਮਜਬੂਰ ਹੋ ਕੇ ਆਪਣੇ ਹੱਕਾਂ ਲਈ ਸੜਕਾਂ 'ਤੇ ਉੱਤਰਨਾ ਪਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਦਿੱਲੀ ਤੋਂ ਆਏ ਖ਼ਾਸ ਲੋਕਾਂ ਦੇ ਹੱਥਾਂ 'ਚ ਹੀ ਖੇਡ ਰਹੇ ਹਨ | ਐਡਵੋਕੇਟ ਬਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਰਵੱਈਆ ਮੁਲਾਜ਼ਮਾਂ ਪ੍ਰਤੀ ਬੇਹੱਦ ਨਿਰਾਸ਼ਾਜਨਕ ਰਿਹਾ ਹੈ ਤੇ ਹੱਕਾਂ ਲਈ ਸੰਘਰਸ਼ ਕਰਦੇ ਮੁਲਾਜ਼ਮਾਂ 'ਤੇ ਲਾਠੀਚਾਰਜ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਰਾਰੀ ਹਾਰ ਦਾ ਮਨ ਬਣਾ ਲਿਆ ਹੈ |