ਰੂਪਨਗਰ, 12 ਜੂਨ (ਯਸ਼ਵੰਤ ਬੱਸੀ)-ਵਿਦਿਆਰਥੀਆਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਹੁਨਰ ਵਿਕਾਸ ਅਤੇ ਤਕਨੀਕੀ ਸਿੱਖਿਆ ਨਾਲ ਸਬੰਧਤ ਸਕੀਮਾਂ ਬਾਰੇ ਜਾਣੂ ਕਰਵਾਉਣ ਲਈ ਨੈਸ਼ਨਲ ਇੰਸਟੀਚਿਊਟ ਆਫ਼ ਇਲੈਕਟ੍ਰੋਨਿਕਸ ਐਂਡ ਇਨਫਰਮੇਸ਼ਨ ਟੈਕਨਾਲੋਜੀ (ਨਾਇਲਟ) ਰੂਪਨਗਰ ਵਿਖੇ ਵਿਸ਼ੇਸ਼ ਆਨਲਾਈਨ ਮੀਟਿੰਗ ਵਿਚ ਜ਼ਿਲ੍ਹਾ ਰੂਪਨਗਰ ਦੇ ਲਗਭਗ 100 ਸਕੂਲਾਂ ਦੇ ਗਾਈਡੈਂਸ ਕੌਂਸਲਰਾਂ ਨੇ ਭਾਗ ਲਿਆ। ਮੀਟਿੰਗ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀਨੀਅਰ ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ, ਐਗਜ਼ੈਕਟਿਵ ਡਾਇਰੈਕਟਰ ਨਾਇਲਟ ਰੂਪਨਗਰ ਦੀਪਕ ਵਾਸਨ, ਪ੍ਰਿੰਸੀਪਲ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਡਾ. ਨਵਨੀਤ ਵਾਲੀਆ, ਜ਼ਿਲ੍ਹਾ ਗਾਈਡੈਂਸ ਕੌਂਸਲਰ ਪ੍ਰਭਜੋਤ ਸਿੰਘ ਅਤੇ ਸੰਜੀਵ ਕੁਮਾਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਗਾਈਡੈਂਸ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਤੱਕ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਪਹੁੰਚਾਉਣ ਅਤੇ ਉਨ੍ਹਾਂ ਨੂੰ ਇਨ੍ਹਾਂ ਯੋਜਨਾਵਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਲਈ ਪ੍ਰੇਰਿਤ ਕਰਨ। ਇਸ ਮੌਕੇ ਨਾਇਲਟ ਅਤੇ ਸਰਕਾਰੀ ਪੌਲੀਟੈਕਨਿਕ ਕਾਲਜ ਵਿਚ ਚੱਲ ਰਹੇ ਵੱਖ-ਵੱਖ ਕੋਰਸਾਂ, ਹੁਨਰ ਵਿਕਾਸ ਪ੍ਰੋਗਰਾਮਾਂ ਅਤੇ ਰੋਜ਼ਗਾਰ ਮੁਖੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਕਈ ਸਕੀਮਾਂ ਵਿਦਿਆਰਥੀਆਂ ਲਈ ਪੂਰੀ ਤਰ੍ਹਾਂ ਮੁਫ਼ਤ ਹਨ ਅਤੇ ਭਵਿੱਖ ਵਿਚ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਵਿਚ ਸਹਾਇਕ ਸਾਬਤ ਹੋ ਸਕਦੀਆਂ ਹਨ।