ਰੂਪਨਗਰ, 12 ਜੂਨ (ਯਸ਼ਵੰਤ ਬੱਸੀ)-ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਵਲੋਂ ਅੱਜ ਸਿਵਲ ਹਸਪਤਾਲ ਰੂਪਨਗਰ ਵਿਖੇ ਅਚਨਚੇਤ ਦੌਰਾ ਕਰਕੇ ਹਸਪਤਾਲ ਦੀ ਕਾਰਗੁਜ਼ਾਰੀ ਅਤੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਵਿਚ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ ਅਤੇ ਸਟਾਫ ਨੂੰ ਹਦਾਇਤ ਕੀਤੀ ਕਿ ਸਮੇਂ ਸਿਰ ਡਿਊਟੀ ਤੇ ਹਾਜ਼ਰੀ ਯਕੀਨੀ ਬਣਾਉਣ ਅਤੇ ਉਹਨਾਂ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ। ਇਸ ਮੌਕੇ ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਵਿਭਾਗ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਖਾਸ ਤੌਰ ‘ਤੇ ਐਮਰਜੈਂਸੀ ਅਤੇ ਮੈਡੀਕਲ ਵਾਰਡਾਂ ਦੀ ਚੈਕਿੰਗ ਕਰਦਿਆਂ ਉਥੇ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਦਾ ਹਾਲ-ਚਾਲ ਵੀ ਪੁੱਛਿਆ ਤੇ ਡਾਕਟਰਾਂ ਤੇ ਸਟਾਫ਼ ਨੂੰ ਹਦਾਇਤ ਕੀਤੀ ਕਿ ਹਰ ਮਰੀਜ਼ ਨੂੰ ਸਮੇਂ ਸਿਰ ਇਲਾਜ ਅਤੇ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਡਾ. ਰਮਨ ਗੁਪਤਾ ਨੇ ਹਸਪਤਾਲ ਦੀ ਸਫਾਈ ਪ੍ਰਬੰਧਾਂ, ਦਵਾਈਆਂ ਦੀ ਉਪਲਬਧਤਾ ਅਤੇ ਹੋਰ ਸਿਹਤ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਸਟਾਫ਼ ਤੇ ਡਿਊਟੀ ਡਾਕਟਰਾਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਹਸਪਤਾਲ ਵਿਚ ਆਉਣ ਵਾਲੇ ਹਰੇਕ ਮਰੀਜ਼ ਨੂੰ ਤਰਜੀਹ ਦੇ ਆਧਾਰ ‘ਤੇ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਵਿਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਸਟਾਫ਼ ਪੂਰੀ ਤਨਦੇਹੀ ਨਾਲ ਮਰੀਜ਼ਾਂ ਦੀ ਦੇਖਭਾਲ ਯਕੀਨੀ ਬਣਾਏ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬੌਬੀ ਗੁਲਾਟੀ, ਡਾ. ਹਰਲੀਨ ਕੌਰ, ਡਾ. ਗੌਰਵ, ਡਾ. ਕਾਰਤਿਕ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਮੀਤ ਕੌਰ, ਅਮਨਦੀਪ, ਅਜੇ ਕੁਮਾਰ, ਅਚਨਚੇਤ ਦੌਰੇ ਦੌਰਾਨ ਮਰੀਜ਼ ਦਾ ਹਾਲ-ਚਾਲ ਪੁੱਛਦੇ ਹੋਏ ਫਾਰਮੇਸੀ ਅਫ਼ਸਰ ਰਾਹੁਲ ਕੁਮਾਰ ਅਤੇ ਹੋਰ ਸਟਾਫ਼ ਹਾਜ਼ਰ ਸੀ।