ਰੂਪਨਗਰ, 15 ਜੂਨ (ਮਨਜੀਤ ਸਿੰਘ ਸੈਣੀ)-ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਯੂਨੀਅਨ ਦੇ ਆਗੂਆਂ ਅਤੇ ਕਰਮਚਾਰੀਆਂ ਨੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਕੰਮ ਕਰ ਰਹੇ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਪੇਂਡੂ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਵਿਚ ਅਹਿਮ ਯੋਗਦਾਨ ਪਾ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਸੇਵਾਵਾਂ ਨੂੰ ਅਜੇ ਤੱਕ ਨਿਯਮਿਤ ਨਹੀਂ ਕੀਤਾ ਗਿਆ ਉਹ ਲੰਬੇ ਸਮੇਂ ਤੋਂ ਘੱਟ ਤਨਖਾਹ, ਅਣਸੁਰੱਖਿਅਤ ਨੌਕਰੀ ਅਤੇ ਹੋਰ ਪ੍ਰਸ਼ਾਸਨਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਮੰਗ ਪੱਤਰ ਰਾਹੀ ਮੰਗ ਕੀਤੀ ਕਿ ਮਗਨਰੇਗਾ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਜਲਦ ਨਿਯਮਿਤ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਕਰਮਚਾਰੀਆਂ ਵਾਂਗ ਸਹੂਲਤਾਂ, ਅਧਿਕਾਰ, ਤਨਖਾਹਾਂ ਵਿਚ ਵਾਧਾ, ਸੇਵਾ ਸੁਰੱਖਿਆ, ਤਰੱਕੀ ਦੇ ਮੌਕੇ ਅਤੇ ਸਮਾਜਿਕ ਸੁਰੱਖਿਆ ਨਾਲ ਸੰਬੰਧਿਤ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਯੂਨੀਅਨ ਆਗੂਆਂ ਨੇ ਕਿਹਾ ਕਿ ਮਗਨਰੇਗਾ ਕਰਮਚਾਰੀ ਪੇਂਡੂ ਖੇਤਰਾਂ ਵਿਚ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ ਅਤੇ ਸਰਕਾਰ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸੰਵੇਦਨਸ਼ੀਲ ਰਵੱਈਆ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਭਵਿੱਖ ਵਿਚ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ। ਮਗਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਅਜੈਵੀਰ ਸਿੰਘ ਲਾਲਪੁਰਾ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇਗਾ ਅਤੇ ਕਰਮਚਾਰੀਆਂ ਨੂੰ ਜਲਦ ਇਨਸਾਫ ਮਿਲੇਗਾ। ਇਸ ਮੌਕੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸੰਬੰਧਿਤ ਅਧਿਕਾਰੀਆਂ ਅਤੇ ਸਰਕਾਰ ਤੱਕ ਪੂਰੀ ਗੰਭੀਰਤਾ ਨਾਲ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਿਹਨਤੀ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਉੱਚ ਪੱਧਰ ‘ਤੇ ਉਠਾਉਣ ਲਈ ਹਰ ਸੰਭਵ ਯਤਨ ਕਰਨਗੇ।