ਨੂਰਪੁਰ ਬੇਦੀ, 15 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ/ਵਰਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ ‘ਤੇ ਪਿੰਡ ਸਮੀਰੋਵਾਲ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿਚ ਇੱਕ �ਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਭਾਣਜਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਪਹਿਲਾਂ ਸਿੰਘਪੁਰ ਦੇ ਨਜ਼ਦੀਕੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਵਲੋਂ ਉਸ ਨੂੰ ਅੱਗੇ ਇਲਾਜ ਲਈ ਪੀ.ਜੀ.ਆਈ. ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਰਮਿੰਦਰ ਕੌਰ ਪਤਨੀ ਮਨਦੀਪ ਸਿੰਘ ਵਾਸੀ ਪਿੰਡ ਫੂਕਾਪੁਰ ਆਪਣੇ ਭਾਣਜੇ ਸੁਖਪ੍ਰੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਸਰਥਲੀ ਅਤੇ ਪਰਿਵਾਰਕ ਮੈਂਬਰ ਪਰਮਿੰਦਰ ਸਿੰਘ ਨਾਲ ਕਿਸੇ ਨਿੱਜੀ ਕੰਮ ਸਬੰਧੀ ਆਪਣੀ ਸਵਿਫਟ ਕਾਰ ਰਾਹੀਂ ਨੂਰਪੁਰ ਬੇਦੀ ਵੱਲ ਆ ਰਹੇ ਸਨ। ਜਦੋਂ ਉਹ ਪਿੰਡ ਸਮੀਰੋਵਾਲ ਨੇੜੇ ਪਹੁੰਚੇ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਇੱਕ ਦਰਖ਼ਤ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਵਿਚ ਸਵਾਰ ਪਰਮਿੰਦਰ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਵਿਚ ਸੁਖਪ੍ਰੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕਾ ਆਪਣੇ ਪਿੱਛੇ ਆਪਣੇ ਪਤੀ ਤੋਂ ਇਲਾਵਾ ਇੱਕ ਬੇਟੀ ਅਤੇ ਬੇਟਾ ਛੱਡ ਗਈ ਹੈ।