ਪੰਜਾਬ ਦੇ ਹਿਤਾਂ ਨਾਲ ਜੁੜੇ ਮੁੱਦਿਆਂ ’ਤੇ ਸਰਕਾਰ ਗੰਭੀਰਤਾ ਨਾਲ ਫ਼ੈਸਲੇ ਲਵੇ-ਅਜੇਪਾਲ ਸਿੰਘ ਬਰਾੜ
ਅਜੀਤ ਡੈਸਕ
19-06-2026
ਰੂਪਨਗਰ, 18 ਜੂਨ (ਸਤਨਾਮ ਸਿੰਘ ਸੱਤੀ)-ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਅੱਜ ਰੋਪੜ ਵਿਖੇ ਚੜ੍ਹਦੀ ਕਲਾ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤਾ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ‘ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਆਰਥਿਕ, ਸਮਾਜਿਕ ਅਤੇ ਪ੍ਰਸ਼ਾਸਨਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਜਿਨ੍ਹਾਂ ਦੇ ਹੱਲ ਲਈ ਸਰਕਾਰ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਉਪਰਾਲੇ ਕਰਨੇ ਚਾਹੀਦੇ ਹਨ। ਸ. ਬਰਾੜ ਨੇ ਕਿਹਾ ਕਿ ਜੇਕਰ ਪੰਜਾਬ ਦੇ ਹਿਤਾਂ ਲਈ ਸਮੇਂ ਸਿਰ ਗੰਭੀਰਤਾ ਨਾਲ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਮਿਸਲ ਸਤਲੁਜ ਜਥੇਬੰਦੀ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨ ਲਈ ਮਜਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ 5 ਜੁਲਾਈ ਤੱਕ ਸਰਕਾਰ ਨੂੰ ਲੋਕਾਂ ਦੀਆਂ ਭਾਵਨਾਵਾਂ ਅਤੇ ਮੰਗਾਂ ‘ਤੇ ਵਿਚਾਰ ਕਰਨ ਦਾ ਸਮਾਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿੱਖ, ਨੌਜਵਾਨਾਂ, ਕਿਸਾਨਾਂ, ਮੁਲਾਜ਼ਮਾਂ ਤੇ ਆਮ ਵਰਗ ਨਾਲ ਜੁੜੇ ਮੁੱਦਿਆਂ ‘ਤੇ ਸਰਕਾਰ ਨੂੰ ਸਪਸ਼ਟ ਨੀਤੀ ਅਤੇ ਜਵਾਬਦੇਹੀ ਨਾਲ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਿਸਲ ਸਤਲੁਜ ਦਾ ਉਦੇਸ਼ ਕਿਸੇ ਵਿਅਕਤੀ ਵਿਸ਼ੇਸ਼ ਦਾ ਵਿਰੋਧ ਨਹੀਂ, ਸਗੋਂ ਪੰਜਾਬ ਤੇ ਪੰਜਾਬੀਆਂ ਦੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਹੈ। ਸ. ਬਰਾੜ ਨੇ ਕਿਹਾ ਕਿ ਜਥੇਬੰਦੀ ਹਮੇਸ਼ਾ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸ਼ਾਂਤਮਈ ਸੰਘਰਸ਼ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਭਵਿੱਖ ਦੀ ਰਣਨੀਤੀ ਵੀ ਪੰਜਾਬ ਦੇ ਲੋਕਾਂ ਦੀ ਰਾਏ ਅਤੇ ਹਿਤਾਂ ਨੂੰ ਧਿਆਨ ਵਿਚ ਰੱਖ ਕੇ ਤੈਅ ਕੀਤੀ ਜਾਵੇਗੀ। ਰੈਲੀ ਦੌਰਾਨ ਵੱਡੀ ਗਿਣਤੀ ਵਿਚ ਹਾਜ਼ਰ ਲੋਕਾਂ ਨੇ ਪੰਜਾਬ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਆਪਣੇ ਵਿਚਾਰ ਵੀ ਸਾਂਝੇ ਕੀਤੇ। ਰੈਲੀ ਵਿਚ ਵਿਸ਼ੇਸ਼ ਕਰਕੇ ਸਰਦਾਰ ਕਰਨੈਲ ਸਿੰਘ ਪੰਜੋਲੀ ਮੈਂਬਰ ਐਸ. ਜੀ. ਪੀ. ਸੀ., ਦਵਿੰਦਰ ਸਿੰਘ ਸੇਖੋਂ ਜਨਰਲ ਸਕੱਤਰ ਮਿਸਲ ਸਤਲੁਜ, ਅਮਰਿੰਦਰ ਸਿੰਘ ਤੁੜ ਕੌਮੀ ਕਨਵੀਨਰ ਪੂਰਾ ਪੰਜਾਬ ਲਹਿਰ ਤੇ ਹਰਜੀਤ ਸਿੰਘ ਖ਼ਿਜ਼ਰਾਬਾਦ ਵੀ ਸ਼ਾਮਲ ਹੋਏ।