ਰੂਪਨਗਰ, 19 ਜੂਨ (ਸਟਾਫ਼ ਰਿਪੋਰਟਰ)-ਹਲਕਾ ਰੂਪਨਗਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਗ੍ਰਾਮ ਪੰਚਾਇਤ ਰਾਮਪੁਰ ਮਾਜਰੀ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਗ੍ਰਾਮ ਪੰਚਾਇਤ ਰਾਮਪੁਰ ਮਾਜਰੀ ਦੀ ਸਰਪੰਚ ਬੀਬੀ ਸੰਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਜਸਵੰਤ ਸਿੰਘ ਸੋਢੀ ਨੇ ਆਪਣੇ ਸਮਰਥਕਾਂ ਸਮੇਤ ਪਾਰਟੀ ਦਾ ਪੱਲਾ ਫੜਿਆ। ਇਸ ਤੋਂ ਇਲਾਵਾ ਸਾਬਕਾ ਸਰਪੰਚ ਚਰਨ ਸਿੰਘ, ਸਾਬਕਾ ਸਰਪੰਚ ਨਛੱਤਰ ਸਿੰਘ, ਪੰਚ ਗਰੀਬ ਦਾਸ, ਪੰਚ ਗੁਰਪ੍ਰੀਤ ਸਿੰਘ, ਪੰਥ ਸ਼ੇਰ ਸਿੰਘ, ਸਤਵਿੰਦਰ ਸਿੰਘ ਰੋਮੀ, ਕਰਮ ਚੰਦ ਸਿੰਘ, ਪੰਚ ਸੁਰਜੀਤ ਸਿੰਘ, ਪੰਚ ਸੁਮਨ, ਜਗੀਰ ਸਿੰਘ ਅਤੇ ਹੋਰ ਅਨੇਕਾਂ ਪਰਿਵਾਰਾਂ ਨੇ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਨਵੇਂ ਸ਼ਾਮਲ ਹੋਏ ਆਗੂਆਂ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਹੋਰ ਲੋਕ ਭਲਾਈ ਦੇ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਅਤੇ ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਨਵੇਂ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਕਾਰਨ ਲੋਕਾਂ ਦਾ ਵਿਸ਼ਵਾਸ ਲਗਾਤਾਰ ਪਾਰਟੀ ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਮਪੁਰ ਮਾਜਰੀ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਦਿੱਤਾ ਗਿਆ ਸਹਿਯੋਗ ਪਾਰਟੀ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਹਲਕੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀਆਂ ਉਮੀਦਾਂ ਅਨੁਸਾਰ ਵਿਕਾਸ ਕਾਰਜ ਜਾਰੀ ਰੱਖੇ ਜਾਣਗੇ। ਇਸ ਮੌਕੇ ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ ਹੁਸੈਨਪੁਰ, ਚੇਅਰਮੈਨ ਪਰਵਿੰਦਰ ਸਿੰਘ ਬਾਲਾ, ਚੇਅਰਮੈਨ ਭਾਗ ਸਿੰਘ ਮੈਦਾਨ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ ਤੇ ਸਰਪੰਚ ਸ਼ਮਸ਼ੇਰ ਸਿੰਘ ਪਟਿਆਲਾ ਨੇ ਵੀ ਨਵੇਂ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦੇਦਾਰ, ਵਰਕਰ ਤੇ ਸਮਰਥਕ ਵੱਡੀ ਗਿਣਤੀ ਵਿਚ ਹਾਜ਼ਰ ਸਨ।