ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)- ਅਕਾਲੀ ਦਲ ਵਾਰਿਸ ਪੰਜਾਬ ਦੇ ਰੋਪੜ ਇਕਾਈ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਹਾਲ ਹੀ ਵਿਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਨੂੰ ਲੈ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਜਿਸ ਦੇ ਵਿਰੋਧ ਵਿਚ ਇਹ ਕਦਮ ਚੁੱਕਿਆ ਗਿਆ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਬੇਅਦਬੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜੇ ਵਾਇਰਲ ਹੋ ਰਹੀ ਵੀਡੀਓ ਗ਼ਲਤ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਦੀ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਜੇ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਉਨ੍ਹਾਂ ਨੂੰ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਮੌਕੇ ਬੋਲਦਿਆਂ ਸੁਖਵਿੰਦਰ ਸਿੰਘ ਪੰਜੋਲਾ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਨਿਰਪੱਖ ਹੋ ਕੇ ਫ਼ੈਸਲੇ ਕਰਨੇ ਚਾਹੀਦੇ ਹਨ ਤਾਂ ਜੋ ਸਿੱਖ ਕੌਮ ਦਾ ਵਿਸ਼ਵਾਸ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਕੌਮ ਆਪਣੇ ਧਾਰਮਿਕ ਅਦਾਰਿਆਂ ਅਤੇ ਸਿਧਾਂਤਾਂ ਦੀ ਰੱਖਿਆ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਹੈ। ਆਗੂਆਂ ਨੇ ਭਾਈ ਅੰਮ੍ਰਿਤਪਾਲ ਸਿੰਘ, ਦਲਜੀਤ ਸਿੰਘ ਕਲਸੀ, ਜੱਗੀ ਜੌਹਲ ਅਤੇ ਹੋਰ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਵੀ ਮੰਗ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਗ਼ਲਤ ਰਸਤੇ ਤੋਂ ਬਚਾਉਣ ਦੀ ਬਜਾਏ ਸਰਕਾਰਾਂ ਉਨ੍ਹਾਂ ਦੀਆਂ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਵਾਰਿਸ ਪੰਜਾਬ ਦੇ ਰੋਪੜ ਇਕਾਈ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਕੋਈ ਵੀ ਵਿਅਕਤੀ ਗੁਰੂ ਸਾਹਿਬਾਨ ਜਾਂ ਸਿੱਖ ਧਰਮ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰੇਗਾ ਤਾਂ ਉਸ ਦੇ ਵਿਰੋਧ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕੁਲਵਿੰਦਰ ਸਿੰਘ ਪੰਜਾ, ਜਗਰੂਪ ਸਿੰਘ ਮੀਆਂਪੁਰ, ਮਿਹਰ ਸਿੰਘ ਮੀਆਂਪੁਰ, ਸੁਖਵਿੰਦਰ ਸਿੰਘ ਪੰਜੋਲਾ, ਦਲਜੀਤ ਸਿੰਘ ਪੰਜੋਲਾ, ਗੁਰਦੀਪ ਸਿੰਘ ਪੰਜੋਲਾ, ਮੋਹਨ ਸਿੰਘ ਠਾਣਕੀ, ਜਸਵੰਤ ਸਿੰਘ ਚੌਪਕੀ, ਸੁਰਿੰਦਰ ਸਿੰਘ ਛਿੰਦਾ ਮੀਆਂਪੁਰ, ਅਮਰਜੀਤ ਸਿੰਘ ਅਤੇ ਗੁਰਜੰਟ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।